-65 ਟੀਮਾਂ ਅਤੇ 1002 ਸਿਹਤ ਕਰਮੀਆਂ ਦੀ ਮੱਦਦ ਨਾਲ 9,296 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ
-ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਮੋਗਾ 18 ਜੂਨ (ਗੁਰਪ੍ਰਸਾਦ ਸਿੱਧੂ)
27 ਤੋਂ 29 ਜੂਨ 2021 ਤੱਕ ਪਲਸ ਪੋਲੀਓ ਰੋਕੂ ਮੁਹਿੰਮ ਦੌਰਾਨ ਮਾਈਗਰੇਟਰੀ ਪੋਲੀਓ ਰਾਊਂਡ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਮਾਈਗਰੇਟਰੀ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਸਮੇਤ ਵੱਖ ਵੱਖ ਬਲਾਕਾਂ ਵਿੱਚ 423 ਬੂਥਾਂ ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਬਲਾਕ ਵਾਈਜ਼ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲੀਓ ਰੋਕੂ ਮਾਈਗਰੇਟਰੀ ਰਾਊਂਡ ਵਿੱਚ ਜ਼ਿਲ੍ਹਾ ਦੇ ਸਰਕਾਰੀ ਹਸਪਤਾਲ ਵਿੱਚ 4724, ਕੋਟ ਈਸੇ ਖਾਂ ਵਿਖੇ 3102, ਡਰੋਲੀ ਭਾਈ ਵਿਖੇ 196, ਢੁੱਡੀਕੇ ਵਿਖੇ 581, ਪੱਤੋ ਹੀਰਾ ਸਿੰਘ ਵਿਖੇ 305 ਅਤੇ ਠੱਠੀ ਭਾਈ ਵਿਖੇ 388 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸੇ ਤਰ੍ਹਾਂ ਕੁੱਲ 9,296 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 36 ਟੀਮਾਂ ਅਜਿਹੀਆਂ ਗਠਿਤ ਕੀਤੀਆਂ ਗਈਆਂ ਹਨ ਜਿਹੜੀਆਂ ਕਿ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ, 29 ਮੋਬਾਇਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ, 68 ਏ.ਐਨ.ਐਮਜ਼, 342 ਆਸ਼ਾ ਵਰਕਰ, 418 ਆਂਗਣਵਾੜੀ ਵਰਕਰ ਅਤੇ 44 ਹੋਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੰਮ ਲਈ 12 ਸੁਪਰਵਾਈਜ਼ਰ ਅਤੇ 118 ਵੈਕਸੀਨੇਟਰ ਵੀ ਨਿਯੁਕਤ ਕੀਤੇ ਗਏ ਹਨ।
ਇਸ ਮੌਕੇ ਹਾਜ਼ਰ ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਇਸ ਮੁਹਿੰਮ ਦੀ ਸਫ਼ਲਤਾ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਮੰਗ ਵੀ ਕੀਤੀ।