ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ
ਕਬਰਿਸਤਾਨਾਂ ਦੇ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦੇ ਨਿਰਦੇਸ਼ ਜਾਰੀ
ਮੋਗਾ, 03 ਜੁਲਾਈ, ਜਗਰਾਜ ਸਿੰਘ ਗਿੱਲ
ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਰਬ ਧਰਮਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਕਿਸੇ ਪ੍ਰੇਸ਼ਾਨੀ ਦਾ ਸਹਾਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਅੱਜ ਮੋਗਾ ਵਿਖੇ ਕੀਤਾ। ਉਨ੍ਹਾਂ ਅੱਜ ਮੋਗਾ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕੁਲਪ੍ਰੀਤ ਸਿੰਘ, ਐਸ.ਪੀ. ਸੰਦੀਪ ਸਿੰਘ ਮੰਡ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਮਸੀਹ ਭਾਈਚਾਰੇ ਦੇ ਲੋਕ ਹਾਜ਼ਰ ਸਨ ।ਉਹਨਾਂ ਮੀਟਿੰਗ ਵਿੱਚ ਚਰਚਾਂ ਵਿਚ ਇਕੱਠ ਮੌਕੇ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ। ਉਹਨਾਂ ਪਾਦਰੀਆਂ ਨੂੰ ਕਿਹਾ ਕਿ ਉਹ ਚਰਚਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਗਵਾਉਣੇ ਯਕੀਨੀ ਬਣਾਉਣ। ਇਸ ਮੌਕੇ ਮੁਸਲਿਮ ਤੇ ਇਸਾਈ ਭਾਈਚਾਰੇ ਵੱਲੋਂ ਮ੍ਰਿਤਕ ਸਰੀਰਾਂ ਨੂੰ ਦਫਨਾਉਣ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਕਮਿਸ਼ਨ ਨੂੰ ਬੇਨਤੀ ਕੀਤੀ। ਭਾਈਚਾਰੇ ਨੇ ਦੱਸਿਆ ਕਿ ਕਬਰਿਸਤਾਨਾਂ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਕਈ ਸ਼ਹਿਰਾਂ ਤੇ ਪਿੰਡਾਂ ਵਿੱਚ ਕਬਰਿਸਤਾਨ ਮੌਜੂਦ ਹੀ ਨਹੀਂ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਬਰਿਸਤਾਨਾਂ ਲਈ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ। ਚੇਅਰਮੈਨ ਵੱਲੋਂ ਪੰਚਾਇਤ ਵਿਭਾਗ ਨੂੰ ਕਬਰਿਸਤਾਨਾਂ ਅਤੇ ਹੋਰ ਮਸਲਿਆਂ ਦਾ ਜਲਦ ਹੱਲ ਕਰਨ ਲਈ ਹੁਕਮ ਦਿੱਤਾ।
ਉਹਨਾਂ ਮੀਟਿੰਗ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਬਹੁਤ ਵਧੀਆ ਸਹਿਯੋਗ ਰਿਹਾ ਅਤੇ ਪ੍ਰਸ਼ਾਸ਼ਨ ਨੇ ਚੇਅਰਮੈਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਘੱਟ ਗਿਣਤੀ ਵਰਗ ਨੂੰ ਆ ਰਹੀਆਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਸੀ ਅਤੇ ਹਮੇਸ਼ਾ ਰਹੇਗਾ, ਅੱਜ ਜੋ ਮੁਸ਼ਕਿਲਾਂ ਲੋਕਾਂ ਵੱਲੋਂ ਮੌਕੇ ਉਪਰ ਮਿਲੀਆਂ ਹਨ ਉਹਨਾਂ ਨੂੰ ਵੀ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕੀਤਾ ਜਾਵੇਗਾ।
