Moga

ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ, ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ, ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮੋਗਾ , ਜਗਰਾਜ ਸਿੰਘ ਗਿੱਲ

ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਸੱਦੇ ‘ਤੇ ਨਗਰ ਕੌਂਸਲ ਧਰਮਕੋਟ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ। ਯੂਨੀਅਨ ਦੇ ਪ੍ਰਧਾਨ ਅਮਿਤ ਕੁਮਾਰ ਅਤੇ ਚੇਅਰਮੈਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਹੜਤਾਲ ਦੇ ਪਹਿਲੇ ਦਿਨ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਮਿਊਂਸੀਪਲ ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਦਾ ਧਿਆਨ ਖਿੱਚਦੇ ਆ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਹਰ ਮੌਸਮ ਅਤੇ ਹਰ ਹਾਲਾਤ ਵਿੱਚ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਂਦੇ ਹਨ, ਫਿਰ ਵੀ ਉਨ੍ਹਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਣਸੁਲਝੀਆਂ ਪਈਆਂ ਹਨ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਖਾਲੀ ਅਸਾਮੀਆਂ ਨੂੰ ਭਰਨਾ, ਤਨਖ਼ਾਹਾਂ ਅਤੇ ਹੋਰ ਭੱਤਿਆਂ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ, ਸੇਵਾ ਸ਼ਰਤਾਂ ਵਿੱਚ ਸੁਧਾਰ ਅਤੇ ਕਰਮਚਾਰੀਆਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਲਿਖਤੀ ਭਰੋਸਾ ਦੇ ਕੇ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ ਅਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ। ਇਸ ਕਾਰਨ ਮਜਬੂਰਨ ਉਨ੍ਹਾਂ ਨੂੰ ਅਣਮਿਥੇ ਸਮੇਂ ਦੀ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ।

ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

ਹੜਤਾਲ ਕਾਰਨ ਨਗਰ ਦੇ ਸਫਾਈ ਪ੍ਰਬੰਧ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਯੂਨੀਅਨ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਸੰਘਰਸ਼ ਨੂੰ ਸਮਝਣ ਅਤੇ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਯੂਨੀਅਨ ਦੇ ਸੈਕਟਰੀ ਰਾਹੁਲ, ਵਾਈਸ ਪ੍ਰਧਾਨ ਸ਼ੰਕਰ, ਖ਼ਜ਼ਾਨਚੀ ਗਿਆਸਪਾਲ, ਡਿਪਟੀ ਚੇਅਰਮੈਨ ਬੱਬੂ, ਸਲਾਹਕਾਰ ਰਵੀ ਕੁਮਾਰ, ਪ੍ਰੈਸ ਸਕੱਤਰ ਬੂਟਾ, ਚੰਦਰ, ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਰ ਸਨ।