ਕੋਟ ਈਸੇ ਖਾਂ, (ਜਗਰਾਜ ਸਿੰਘ ਗਿੱਲ)
ਸਥਾਨਕ ਸ਼ਹਿਰ ਦੇ ਮੇਨ ਚੌਂਕ ਵਿੱਚ ਅੱਜ ਉਸ ਸਮੇਂ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਮੋਗਾ ਵੱਲੋਂ ਆ ਰਿਹਾ ਰਾਜਸਥਾਨ ਨੰਬਰ ਦਾ ਇੱਕ ਟਰੱਕ ਇੱਕ ਐਕਟਿਵਾ ਸਵਾਰ ਔਰਤ ਨੂੰ ਆਪਣੀ ਲਪੇਟ ਵਿੱਚ ਲੈ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਔਰਤ ਦੀ ਪਹਿਚਾਣ ਜਸਪ੍ਰੀਤ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਪਿੰਡ ਗਲੋਟੀ ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਟਰੱਕ ਡਰਾਈਵਰ ਦੀ ਭਾਲ ਜਾਰੀ ਹੈ।
ਇਸ ਦੁਖਦਾਈ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
