ਸਰਕਾਰ

ਮੁੱਖ ਚੋਣ ਅਧਿਕਾਰੀ ਨੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਧਰਮਕੋਟ ਗੁਰਵਿੰਦਰ ਸਿੰਘ ਜੌਹਲ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨ

ਮੁੱਖ ਚੋਣ ਅਧਿਕਾਰੀ ਨੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਧਰਮਕੋਟ ਗੁਰਵਿੰਦਰ ਸਿੰਘ ਜੌਹਲ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨ

ਧਰਮਕੋਟ ਹਲਕਾ ਐਸ.ਆਈ.ਆਰ. ਮੁਹਿੰਮ ਮੁਕੰਮਲ ਕਰਨ ਵਿੱਚ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ

ਡਿਪਟੀ ਕਮਿਸ਼ਨਰ ਨੇ ਵੀ ਦਿੱਤੀ ਵਧਾਈ, ਸਮੁੱਚੀ ਟੀਮ ਦੀ ਕਾਰਗੁਜ਼ਾਰੀ ਨੂੰ ਸਰਾਹਿਆ

 ਮੋਗਾ, 23 ਜੁਲਾਈ ਜਗਰਾਜ ਸਿੰਘ ਗਿੱਲ 

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਧਾਨ ਸਭਾ ਹਲਕੇ ਨੇ ਪੰਜਾਬ ਭਰ ਵਿੱਚ ਸਭ ਤੋਂ ਪਹਿਲਾਂ ਮੁਹਿੰਮ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਸ਼ਾਨਦਾਰ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.) ਧਰਮਕੋਟ ਸ੍ਰੀ ਗੁਰਵਿੰਦਰ ਸਿੰਘ ਜੌਹਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸੁਚੱਜੀ ਅਗਵਾਈ, ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਪੂਰੀ ਟੀਮ ਵੱਲੋਂ ਕੀਤੀ ਗਈ ਸਮਰਪਿਤ ਮਿਹਨਤ ਦਾ ਨਤੀਜਾ ਹੈ।

ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਸ੍ਰ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਇਹ ਬਹੁਤ ਹੀ ਵੱਡਾ ਅਤੇ ਮਹੱਤਵਪੂਰਨ ਕੰਮ ਸੀ ਜਿਹੜਾ ਕਿ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਸੁਚੱਜੀ ਅਗਵਾਈ ਹੇਠ ਸੰਭਵ ਹੋ ਸਕਿਆ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਇਸ ਵਿੱਚ ਲੱਗੇ ਸੁਪਰਵਾਈਜਰ, ਬੀ.ਐਲ.ਓ ਇਹਨਾਂ ਸਾਰਿਆਂ ਦਾ ਧੰਨਵਾਦ ਕੀਤਾ।

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵੀ ਸ੍ਰੀ ਗੁਰਵਿੰਦਰ ਸਿੰਘ ਜੌਹਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਧਰਮਕੋਟ ਹਲਕੇ ਵੱਲੋਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਐਸ.ਆਈ.ਆਰ. ਦੀ ਪ੍ਰਕਿਰਿਆ ਮੁਕੰਮਲ ਕਰਨਾ ਮੋਗਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਚੋਣ ਅਮਲੇ ਦੀ ਟੀਮ ਵਰਕ, ਵਚਨਬੱਧਤਾ ਅਤੇ ਸੁਚੱਜੇ ਪ੍ਰਬੰਧਨ ਦਾ ਪ੍ਰਤੀਕ ਹੈ।

ਡਿਪਟੀ ਕਮਿਸ਼ਨਰ ਨੇ ਇਸ ਉਪਲਬਧੀ ਲਈ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ, ਸਮੂਹ ਚੋਣ ਅਮਲੇ, ਬੀ.ਐਲ.ਓਜ਼., ਸੁਪਰਵਾਈਜ਼ਰਾਂ ਅਤੇ ਇਸ ਮੁਹਿੰਮ ਨਾਲ ਜੁੜੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਮੋਗਾ ਦੀਆਂ ਚੋਣ ਟੀਮਾਂ ਇਸੇ ਤਰ੍ਹਾਂ ਸਮਰਪਣ ਅਤੇ ਲਗਨ ਨਾਲ ਕੰਮ ਕਰਦੀਆਂ ਰਹਿਣਗੀਆਂ ਅਤੇ ਸੂਬੇ ਵਿੱਚ ਆਪਣੀ ਵਿਲੱਖਣ ਪਛਾਣ ਕਾਇਮ ਰੱਖਣਗੀਆਂ।