ਵਧੀਕ ਡਿਪਟੀ ਕਮਿਸ਼ਨਰ ਮੋਗਾ (ਵਿਕਾਸ) ਮਾਈ ਭਾਰਤ ਸਕੀਮ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਸਕੂਲਾਂ ਅਤੇ ਕਾਲਜਾਂ ਵਿੱਚ ਮਾਈ ਭਾਰਤ ਪੋਰਟਲ ’ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਬਣਾਈ ਜਾਵੇ ਯਕੀਨੀ
ਹਰ ਸੰਸਥਾ ਵਿੱਚ ਮਾਈ ਭਾਰਤ ਨੋਡਲ ਅਫ਼ਸਰ ਅਤੇ ਮਾਈ ਭਾਰਤ ਕੈਂਪਸ ਐਂਬੈਸਡਰ ਨਾਮਜ਼ਦ ਕਰਨ ਦੇ ਨਿਰਦੇਸ਼
ਮੋਗਾ, 24 ਜੁਲਾਈ (ਜਗਰਾਜ ਸਿੰਘ ਗਿੱਲ)
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ, ਮੋਗਾ ਵੱਲੋਂ ਮਾਈ ਭਾਰਤ ਪੋਰਟਲ ’ਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਥਾਨ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ, ਸਰਕਾਰੀ ਸਕੂਲਾਂ ਦੇ ਬਲਾਕ ਮੁਖੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਮਾਈ ਭਾਰਤ ਮੁੱਖ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਈ ਗਈ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਦੀ ਮੀਟਿੰਗ ਕਰਕੇ ਮਾਈ ਭਾਰਤ ਪੋਰਟਲ ’ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਅਤੇ ਹਰ ਸੰਸਥਾ ਵਿੱਚ ਮਾਈ ਭਾਰਤ ਨੋਡਲ ਅਫ਼ਸਰ ਅਤੇ ਮਾਈ ਭਾਰਤ ਕੈਂਪਸ ਐਂਬੈਸਡਰ ਨਾਮਜ਼ਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਮੀਟਿੰਗ ਦੀ ਪ੍ਰਧਾਨਗੀ ਸ੍ਰੀ ਕੁਲਪ੍ਰੀਤ ਸਿੰਘ, ਏ.ਡੀ.ਸੀ. (ਵਿਕਾਸ), ਮੋਗਾ ਨੇ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸਮੂਹ ਪ੍ਰਿੰਸੀਪਲਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਵਿਦਿਅਕ ਸੰਸਥਾ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਸਕੂਲ ਅਤੇ ਕਾਲਜ ਵਿੱਚ ਇੱਕ ਮਾਈ ਭਾਰਤ ਨੋਡਲ ਅਫ਼ਸਰ ਅਤੇ ਇੱਕ ਮਾਈ ਭਾਰਤ ਕੈਂਪਸ ਐਂਬੈਸਡਰ ਵਲੰਟੀਅਰ ਨਾਮਜ਼ਦ ਕੀਤਾ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇ।
ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਵੱਲੋਂ ਮਾਈ ਭਾਰਤ ਦੀਆਂ ਵੱਖ-ਵੱਖ ਗਤੀਵਿਧੀਆਂ, ਵਲੰਟੀਅਰ ਮੌਕਿਆਂ, ਐਕਸਪੀਰੀਐਂਸ਼ਲ ਲਰਨਿੰਗ ਪ੍ਰੋਗਰਾਮਾਂ ਅਤੇ ਨੌਜਵਾਨਾਂ ਲਈ ਉਪਲਬਧ ਮੌਕਿਆਂ ਬਾਰੇ ਵਿਸਤ੍ਰਿਤ ਪਾਵਰਪੋਇੰਟ ਪ੍ਰਜ਼ੇਂਟੇਸ਼ਨ ਦਿੱਤੀ ਗਈ। ਉਨ੍ਹਾਂ ਨੇ ਮਾਈ ਭਾਰਤ ਪੋਰਟਲ ’ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਇਸ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਮੂਹ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪੋਰਟਲ ਨਾਲ ਜੋੜਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਹਾਜ਼ਰ ਸਮੂਹ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੇ ਮਾਈ ਭਾਰਤ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਆਪਣੇ-ਆਪਣੇ ਸੰਸਥਾਨਾਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜਨ ਲਈ ਜਾਗਰੂਕਤਾ ਗਤੀਵਿਧੀਆਂ ਚਲਾਉਣ ਦਾ ਸੰਕਲਪ ਪ੍ਰਗਟਾਇਆ।
