Moga

ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰਜਿਸਟ੍ਰੇਸ਼ਨ ਵਾਸਤੇ ਮੋਗਾ ’ਚ ਕਿਊ.ਆਰ. ਕੋਡ ਜਾਰੀ

ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰਜਿਸਟ੍ਰੇਸ਼ਨ ਵਾਸਤੇ ਮੋਗਾ ’ਚ ਕਿਊ.ਆਰ. ਕੋਡ ਜਾਰੀ

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਖਿਡਾਰੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

ਮੋਗਾ ’ਚ 9 ਸਤੰਬਰ ਤੋਂ ਹੋਣਗੇ ਬਲਾਕ ਪੱਧਰੀ ਖੇਡ ਮੁਕਾਬਲੇ

 

ਮੋਗਾ, 31 ਅਗਸਤ, ਜਗਰਾਜ ਸਿੰਘ ਗਿੱਲ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਮੰਤਵ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਨਾਂ ਖੇਡਾਂ ਤਹਿਤ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਦੀ ਸੁਖਾਲੀ ਅਤੇ ਪਾਰਦਰਸ਼ੀ ਰਜਿਸਟ੍ਰੇਸ਼ਨ ਲਈ ਅੱਜ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਕਿਊ.ਆਰ. ਕੋਡ (ਸਕੈਨਰ) ਨੂੰ ਜਾਰੀ ਕੀਤਾ ਗਿਆ ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਵੱਧ ਤੋਂ ਵੱਧ ਯੋਗ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਸੁਬੇਗ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਜਿਵੇਂ ਕਿ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ, 61 ਤੋਂ 70 ਸਾਲ ਅਤੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵਰਗ ਲਈ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਖੇ 9ਸਤੰਬਰ ਤੋਂ 16ਸਤੰਬਰ 2026 ਤੱਕ ਬਲਾਕ ਪੱਧਰ ‘ਤੇ ਕੁੱਲ 7 ਖੇਡਾਂ—ਐਥਲੈਟਿਕਸ, ਖੋ-ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ। 25 ਸਤੰਬਰ ਤੋਂ 30 ਸਤੰਬਰ 2026 ਤੱਕ ਜ਼ਿਲ੍ਹਾ ਪੱਧਰ ‘ਤੇ ਕੁੱਲ 28 ਖੇਡਾਂ ਦੇ ਮੁਕਾਬਲੇ ਆਯੋਜਿਤ ਹੋਣਗੇ। ਇਸ ਤੋਂ ਬਾਅਦ 10 ਅਕਤੂਬਰ ਤੋਂ 23 ਨਵੰਬਰ 2026 ਤੱਕ 38 ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਅਤੇ ਮਿਤੀ 25 ਨਵੰਬਰ 2026 ਤੋਂ 28 ਨਵੰਬਰ 2026 ਤੱਕ ਪੈਰਾ ਖੇਡਾਂ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਮੋਗਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਖਿਡਾਰੀਆਂ ਦੀ ਸਹੂਲਤ, ਗਰਾਊਂਡਾਂ ਦੇ ਪ੍ਰਬੰਧਾਂ, ਰਿਫਰੈੱਸ਼ਮੈਂਟ, ਮੈਡੀਕਲ ਟੀਮਾਂ ਅਤੇ ਸੁਰੱਖਿਆ ਸਬੰਧੀ ਪੁਖ਼ਤਾ ਇੰਤਜ਼ਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਉਹਨਾਂ ਜ਼ਿਲ੍ਹੇ ਦੇ ਸਮੂਹ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਤੁਰੰਤ ਯਕੀਨੀ ਬਣਾਉਣ ਅਤੇ ਖੇਡ ਮੈਦਾਨਾਂ ਨਾਲ ਜੁੜ ਕੇ ਪੰਜਾਬ ਨੂੰ ਤੰਦਰੁਸਤ ਅਤੇ ਰੰਗਲਾ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ।