Moga

ਧਰਮਕੋਟ ਤਹਿਸੀਲ ਨੂੰ ਨਹੀਂ ਮਿਲਿਆ ਪੱਕਾ ਤਹਿਸੀਲਦਾਰ, ਰਜਿਸਟਰੀਆਂ ਕਰਵਾਉਣ ਲਈ ਲੋਕ ਖੱਜਲ-ਖੁਆਰ

ਧਰਮਕੋਟ ਤਹਿਸੀਲ ਨੂੰ ਨਹੀਂ ਮਿਲਿਆ ਪੱਕਾ ਤਹਿਸੀਲਦਾਰ, ਰਜਿਸਟਰੀਆਂ ਕਰਵਾਉਣ ਲਈ ਲੋਕ ਖੱਜਲ-ਖੁਆਰ

ਮੋਗਾ,ਕੋਟ ਈਸੇ ਖਾਂ/ਜਗਰਾਜ ਸਿੰਘ ਗਿੱਲ

:ਧਰਮਕੋਟ ਅਤੇ ਕੋਟ ਈਸੇ ਖਾਂ ਵਿਖੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਬੰਧਤ ਅਧਿਕਾਰੀਆਂ ਦੀ ਘਾਟ ਅਤੇ ਵਾਧੂ ਚਾਰਜ ਦੇ ਪ੍ਰਬੰਧ ਕਾਰਨ ਰਜਿਸਟਰੀਆਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ।

ਇਸ ਸਬੰਧੀ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਧਰਮਕੋਟ ਅਤੇ ਕੋਟ ਈਸੇ ਖਾਂ ਦਾ ਵਾਧੂ ਚਾਰਜ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਨ੍ਹਾਂ ਦੀ ਡਿਊਟੀ ਐਸ.ਆਈ.ਆਰ. (SIR) ਵਿੱਚ ਵੀ ਲਗਾਈ ਗਈ ਹੈ, ਜਿਸ ਕਾਰਨ ਰਜਿਸਟਰੀਆਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।

ਦੂਜੇ ਪਾਸੇ, ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਸਥਿਤੀ ਦਾ ਸਿੱਧਾ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ। ਰਜਿਸਟਰੀ ਕਰਵਾਉਣ ਲਈ ਆਉਣ ਵਾਲੇ ਲੋਕ ਦੂਰ-ਦੁਰਾਡੇ ਪਿੰਡਾਂ ਅਤੇ ਸ਼ਹਿਰਾਂ ਤੋਂ ਤਹਿਸੀਲ ਦਫ਼ਤਰਾਂ ਵਿੱਚ ਪਹੁੰਚਦੇ ਹਨ, ਪਰ ਕੰਮ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈਂਦਾ ਹੈ। ਇਸ ਕਾਰਨ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਰਦਾਰ ਰੇਸ਼ਮ ਸਿੰਘ ਤਹਿਸੀਲਦਾਰ ਧਰਮਕੋਟ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ਜਾਣ ਤੋਂ ਬਾਅਦ ਕਰੀਬ ਇੱਕ ਸਾਲ ਦੇ ਕਰੀਬ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਧਰਮਕੋਟ ਤਹਿਸੀਲ ਨੂੰ ਅਜੇ ਤੱਕ ਪੱਕਾ ਤਹਿਸੀਲਦਾਰ ਨਸੀਬ ਨਹੀਂ ਹੋਇਆ ਅਤੇ ਨਾਇਬ ਤਹਿਸੀਲਦਾਰਾਂ ਨੂੰ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ।

ਅਸਲਾ ਲਾਇਸੈਂਸ ਧਾਰਕ ਵੀ ਹੋ ਰਹੇ ਹਨ ਪ੍ਰੇਸ਼ਾਨ

ਇਸ ਤੋਂ ਇਲਾਵਾ ਇਲਾਕੇ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਵੀ ਇਸ ਸਥਿਤੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸਲਾ ਲਾਇਸੈਂਸ ਦੇ ਨਵੀਨੀਕਰਨ ਸਬੰਧੀ ਲੋੜੀਂਦੇ ਐਫੀਡੇਵਿਟ ਦੀ ਤਸਦੀਕ ਕਰਵਾਉਣ ਲਈ ਵੀ ਸਬੰਧਤ ਅਧਿਕਾਰੀ ਕੋਲ ਜਾਣਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਲੋੜੀਂਦੀ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਨਿਯਮਾਂ ਅਨੁਸਾਰ ਦੇਰੀ ਹੋਣ ਦੀ ਸੂਰਤ ਵਿੱਚ ਜੁਰਮਾਨਾ ਵੀ ਲੱਗ ਸਕਦਾ ਹੈ।

ਲੋਕਾਂ ਦੀ ਪ੍ਰਸ਼ਾਸਨ ਨੂੰ ਜ਼ੋਰਦਾਰ ਅਪੀਲ

ਪ੍ਰੇਸ਼ਾਨ ਲੋਕਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਧਰਮਕੋਟ ਤਹਿਸੀਲ ਵਿੱਚ ਤੁਰੰਤ ਇੱਕ ਪੱਕੇ ਤਹਿਸੀਲਦਾਰ ਦੀ ਨਿਯੁਕਤੀ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਧਰਮਕੋਟ ਇੱਕ ਮਹੱਤਵਪੂਰਨ ਤਹਿਸੀਲ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਰੋਜ਼ਾਨਾ ਦੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ, ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਅਤੇ ਹੋਰ ਸਰਕਾਰੀ ਦਸਤਾਵੇਜ਼ਾਂ ਦੀ ਤਸਦੀਕ ਲਈ ਆਉਂਦੇ ਹਨ।

ਲੋਕਾਂ ਨੇ ਮੰਗ ਕੀਤੀ ਕਿ ਵਾਧੂ ਚਾਰਜ ਦੇ ਸਹਾਰੇ ਪ੍ਰਬੰਧ ਚਲਾਉਣ ਦੀ ਬਜਾਏ ਧਰਮਕੋਟ ਤਹਿਸੀਲ ਲਈ ਪੂਰੇ ਸਮੇਂ ਦਾ ਤਹਿਸੀਲਦਾਰ ਤਾਇਨਾਤ ਕੀਤਾ ਜਾਵੇ, ਤਾਂ ਜੋ ਧਰਮਕੋਟ ਅਤੇ ਕੋਟ ਈਸੇ ਖਾਂ ਇਲਾਕੇ ਦੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਖੱਜਲ-ਖੁਆਰ ਨਾ ਹੋਣਾ ਪਵੇ।

ਇਸ ਸਬੰਧੀ ਪ੍ਰੇਸ਼ਾਨ ਲੋਕਾਂ ਨੇ ਆਪਣਾ ਦੁੱਖੜਾ ਪ੍ਰੈਸ ਕਲੱਬ ਕੋਟ ਈਸੇ ਖਾਂ, ਸਬ-ਡਿਵੀਜ਼ਨ ਧਰਮਕੋਟ (ਰਜਿ.), ਮੋਗਾ ਕੋਲ ਪੇਸ਼ ਕਰਦਿਆਂ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦੇਣ ਅਤੇ ਧਰਮਕੋਟ ਤਹਿਸੀਲ ਲਈ ਜਲਦ ਤੋਂ ਜਲਦ ਪੱਕੇ ਤਹਿਸੀਲਦਾਰ ਦੀ ਨਿਯੁਕਤੀ ਕਰਨ ਦੀ ਮੰਗ ਕੀਤੀ ਹੈ।