ਸੀਐਚਸੀ ਕੋਟ ਈਸੇ ਖਾਂ ਵਿਖੇ ਸਿਹਤ ਸੇਵਾਵਾਂ ਵਿੱਚ ਹੋ ਰਿਹਾ ਲਗਾਤਾਰ ਸੁਧਾਰ
ਮੋਗਾ,ਕੋਟ ਈਸੇ ਖਾਂ, (ਜਗਰਾਜ ਸਿੰਘ ਗਿੱਲ) ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਕੋਟ ਈਸੇ ਖਾਂ ਵਿਖੇ ਸਿਹਤ ਸੇਵਾਵਾਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਸੁਖਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਸੀਐਚਸੀ ਕੋਟ ਈਸੇ ਖਾਂ ਵਿਖੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਟਾਫ ਨੂੰ ਵੀ ਲੋਕਾਂ ਨਾਲ ਸੁਚੱਜੇ ਢੰਗ ਨਾਲ ਪੇਸ਼ ਆਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
ਐਸਐਮਓ ਸੁਖਪ੍ਰੀਤ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਸਹੂਲਤਾਂ ਦਾ ਲਾਭ ਲੈਣ ਨਾਲ ਲੋਕ ਆਪਣੀ ਸਿਹਤ ਪ੍ਰਤੀ ਵਧੇਰੇ ਜਾਗਰੂਕ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੀਐਚਸੀ ਕੋਟ ਈਸੇ ਖਾਂ ਵਿਖੇ ਲੋਕਾਂ ਦੀਆਂ ਸਿਹਤ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ।
