ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ
ਕੋਟ ਈਸੇ ਖਾਂ (ਜਗਰਾਜ ਸਿੰਘ ਗਿੱਲ,ਗੁਰਦੇਵ ਮਨੇਸ)
ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਮਾਈ ਭਾਰਤ ਕੇਂਦਰ, ਮੋਗਾ ਵੱਲੋਂ ਦੌਲੇ ਵਾਲਾ ਮਾਇਰ ਹਾਈ ਸਕੂਲ ਦੇ ਪ੍ਰਾਂਗਣ ਵਿੱਚ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਵਿਸ਼ੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸ਼ਹੀਦ ਭਗਤ ਸਿੰਘ ਵੈਲਫੇਅਰ ਸਪੋਰਟਸ ਕਲੱਬ, ਦੌਲੇਵਾਲਾ ਮਾਇਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਨੌਜਵਾਨ ਸ਼ਕਤੀ ਨੂੰ ਦੇਸ਼ ਦੀ ਤਰੱਕੀ ਵਿੱਚ ਉਸਾਰੂ ਢੰਗ ਨਾਲ ਲਗਾਉਣ ਲਈ ਉਤਸ਼ਾਹਿਤ ਕਰਨਾ ਸੀ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਅਤੇ ਹਾਜ਼ਰ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਦੀ ਸਹੁੰ ਚੁਕਵਾ ਕੇ ਕੀਤੀ ਗਈ। ਇਸ ਉਪਰੰਤ ਦਸਤਖ਼ਤ ਮੁਹਿੰਮ, ਥੀਮੈਟਿਕ ਨੁੱਕੜ ਨਾਟਕ, ਸਲੋਗਨ ਰਾਈਟਿੰਗ ਅਤੇ ਯੂਥ-ਲੈਡ ਡਿਸਕਸ਼ਨ ਸਮੇਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।
ਥੀਮੈਟਿਕ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਵਿਅਕਤੀ ਦੀ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਵਿਅਕਤੀ ਦੇ ਭਵਿੱਖ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਲਈ ਵੀ ਗੰਭੀਰ ਸਮੱਸਿਆਵਾਂ ਪੈਦਾ ਕਰਦੀ ਹੈ।
ਸਲੋਗਨ ਰਾਈਟਿੰਗ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਸੰਦੇਸ਼ਾਂ ਨਾਲ ਸਬੰਧਤ ਵੱਖ-ਵੱਖ ਸਲੋਗਨ ਲਿਖ ਕੇ ਆਪਣੀ ਰਚਨਾਤਮਕਤਾ ਦਾ ਪ੍ਰਗਟਾਵਾ ਕੀਤਾ। ਯੂਥ-ਲੈਡ ਡਿਸਕਸ਼ਨ ਦੌਰਾਨ ਨੌਜਵਾਨਾਂ ਨੇ ਨਸ਼ਿਆਂ ਦੇ ਕਾਰਨਾਂ, ਇਸ ਦੇ ਸਮਾਜਿਕ ਪ੍ਰਭਾਵਾਂ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੁਵਾਵਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਸਕਾਰਾਤਮਕ ਸੋਚ ਤੇ ਸਰਗਰਮ ਭੂਮਿਕਾ ਨਾਲ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ।
ਸਕੂਲ ਦੀ ਪ੍ਰਿੰਸੀਪਲ-ਇੰਚਾਰਜ ਰਮਨਦੀਪ ਕੌਰ ਨੇ ਮਾਈ ਭਾਰਤ ਕੇਂਦਰ ਵੱਲੋਂ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦਾ ਸੱਦਾ ਦਿੱਤਾ।

ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਮਾਈ ਭਾਰਤ ਯੂਥ ਵਲੰਟੀਅਰ ਗੁਰਭੇਜ ਸਿੰਘ ਅਤੇ ਰਾਮਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸ਼ਹੀਦ ਭਗਤ ਸਿੰਘ ਵੈਲਫੇਅਰ ਸਪੋਰਟਸ ਕਲੱਬ, ਦੌਲੇਵਾਲਾ ਮਾਇਰ ਵੱਲੋਂ ਦਿੱਤੇ ਵਿਸ਼ੇਸ਼ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਇਹ ਸੰਦੇਸ਼ ਦਿੱਤਾ ਗਿਆ ਕਿ ਨਸ਼ਾ ਮੁਕਤ ਅਤੇ ਤੰਦਰੁਸਤ ਯੁਵਾ ਹੀ ਸਿਹਤਮੰਦ, ਮਜ਼ਬੂਤ ਅਤੇ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਬਣ ਸਕਦੇ ਹਨ।
