13 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਦੀ ਸੰਭਾਵਨਾ
ਏ.ਡੀ.ਸੀ. ਜਸਪਿੰਦਰ ਸਿੰਘ ਵੱਲੋਂ ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਨਾਲ ਤਿਆਰੀਆਂ ਦੀ ਸਮੀਖਿਆ
ਮੋਗਾ, 25 ਸਤੰਬਰ (ਜਗਰਾਜ ਸਿੰਘ ਗਿੱਲ)
ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਖਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਜਸਪਿੰਦਰ ਸਿੰਘ ਵੱਲੋਂ ਅੱਜ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ, ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ, ਖਰੀਦ ਏਜੰਸੀਆਂ ਦੀ ਤਿਆਰੀ, ਲੇਬਰ, ਸ਼ੈਲਰਾਂ ਦੀ ਅਲਾਟਮੈਂਟ ਅਤੇ ਹੋਰ ਪ੍ਰਬੰਧਕੀ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰ ਸੁਖਵਿੰਦਰ ਸਿੰਘ ਗਿੱਲ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਸ੍ਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ 114 ਮੰਡੀਆਂ ਵਿੱਚ ਲਗਭਗ 13 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ, ਲਿਫਟਿੰਗ ਤੇ ਹੋਰ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।
ਏ.ਡੀ.ਸੀ. ਨੇ ਆੜ੍ਹਤੀਆਂ ਨੂੰ ਕਿਸਾਨਾਂ ਨੂੰ ਸੁੱਕਾ ਅਤੇ ਮਿਆਰੀ ਝੋਨਾ ਮੰਡੀਆਂ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀ ਕਟਾਈ ਦਿਨ ਦੇ ਸਮੇਂ ਕਰਵਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਉਹਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ, ਰੌਸ਼ਨੀ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ 1 ਅਕਤੂਬਰ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ।
ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
