ਪੀੜਤ ਕਿਸਾਨ ਗੁਰਦੀਪ ਸਿੰਘ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ
ਕੋਟ ਈਸੇ ਖਾਂ, ਜਗਰਾਜ ਸਿੰਘ ਗਿੱਲ
ਪਿੰਡ ਖੋਸਾ ਰਣਧੀਰ ਵਿੱਚ ਇੱਕ ਕਿਸਾਨ ਦੀ ਕਰੀਬ ਚਾਰ ਏਕੜ ਝੋਨੇ ਦੀ ਫਸਲ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਊਂਡਅਪ ਸਪਰੇਅ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਉਸਦੇ ਖੇਤ ਵਿੱਚ ਦਾਖਲ ਹੋ ਕੇ ਝੋਨੇ ਦੀ ਫਸਲ ’ਤੇ ਰਾਊਂਡਅਪ ਸਪਰੇਅ ਕਰ ਦਿੱਤਾ, ਜਿਸ ਕਾਰਨ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਕਿਸਾਨ ਮੁਤਾਬਕ ਇਸ ਘਟਨਾ ਨਾਲ ਉਸਦਾ ਲੱਖਾ ਰੁਪਏ ਦਾ ਨੁਕਸਾਨ ਹੋਇਆ ਹੈ।
ਗੁਰਦੀਪ ਸਿੰਘ ਨੇ ਦੱਸਿਆ ਕਿ ਕਰੀਬ 20 ਦਿਨ ਪਹਿਲਾਂ ਵੀ ਉਸਦੇ ਖੇਤ ਵਿੱਚ ਲੱਗੇ ਬੋਰ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਸਬੰਧੀ ਉਸ ਵੱਲੋਂ ਥਾਣਾ ਕੋਟ ਈਸੇ ਖਾਂ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਸੀ। ਕਿਸਾਨ ਨੇ ਦੋਸ਼ ਲਗਾਇਆ ਕਿ ਪਹਿਲੀ ਘਟਨਾ ’ਤੇ ਕਾਰਵਾਈ ਨਾ ਹੋਣ ਕਾਰਨ ਹੁਣ ਮੁੜ ਉਸਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।
ਕਿਸਾਨ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਨਾ ਹੋਈ ਤਾਂ ਐੱਸ.ਐੱਸ.ਪੀ. ਮੋਗਾ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਧਰਨਾ ਲਗਾਇਆ ਜਾਵੇਗਾ।
ਪਿੰਡ ਖੋਸਾ ਰਣਧੀਰ ਦੇ ਸਰਪੰਚ ਰਮਨਦੀਪ ਸਿੰਘ ਖੋਸਾ ਅਤੇ ਪਿੰਡ ਧੱਲੇਕੇ ਦੇ ਸਰਪੰਚ ਮਹਿੰਦਰ ਸਿੰਘ ਨੇ ਘਟਨਾ ਨੂੰ ਮੰਦਭਾਗਾ ਦੱਸਦਿਆਂ ਦੋਸ਼ੀਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਦੇ ਖੇਤ ਵਿੱਚ ਪਹਿਲਾਂ ਵੀ ਬੋਰ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ।
ਉਧਰ, ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਵੱਲੋਂ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮਾਮਲਾ ਐੱਸ.ਐੱਚ.ਓ. ਕੋਟ ਈਸੇ ਖਾਂ ਸੁਨੀਤਾ ਰਾਣੀ ਦੇ ਧਿਆਨ ਵਿੱਚ ਵੀ ਹੈ।
ਇਸ ਮੌਕੇ ਸਰਪੰਚ ਰਮਨਦੀਪ ਸਿੰਘ ਖੋਸਾ ਰਣਧੀਰ,ਮੈਂਬਰ ਮਹਿੰਦਰ ਸਿੰਘ, ਅਮਰੀਕ ਸਿੰਘ ਮੈਂਬਰ ,ਸਾਧੂ ਸਿੰਘ ਮੈਂਬਰ ,ਗੁਰਮੀਤ ਸਿੰਘ ਪ੍ਰਧਾਨ, ਇੰਦਰਜੀਤ ਸਿੰਘ, ਗੁਰਪਾਲ ਸਿੰਘ ਸਾਬਕਾ ਮੈਂਬਰ ,ਲੱਖਾ ਸਿੰਘ ,ਗੁਰਦੀਪ ਸਿੰਘ ,ਬੰਤਾ ਸਿੰਘ ,ਜਸਪਾਲ ਸਿੰਘ, ਜਸਵਿੰਦਰ ਸਿੰਘ ਸਾਬਕਾ ਮੈਂਬਰ ਤੋ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।
