Moga

ਥਾਣਾ ਕੋਟ ਈਸੇ ਖਾਂ ਦੀ ਕਮਾਨ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਸੰਭਾਲੀ

ਥਾਣਾ ਕੋਟ ਈਸੇ ਖਾਂ ਦੀ ਕਮਾਨ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਸੰਭਾਲੀ

ਲੋਕਾਂ ਨੂੰ ਨਿਰਪੱਖ ਇਨਸਾਫ ਦਿਵਾਉਣਾ ਅਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਪਹਿਲੀ ਤਰਜੀਹ : ਕਮਲਜੀਤ ਸਿੰਘ

 

ਕੋਟ ਈਸੇ ਖਾਂ, (ਜਗਰਾਜ ਸਿੰਘ ਗਿੱਲ)  ਥਾਣਾ ਕੋਟ ਈਸੇ ਖਾਂ ਦੀ ਐੱਸ.ਐੱਚ.ਓ. ਸੁਨੀਤਾ ਬਾਵਾ ਨੂੰ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਰਿਸ਼ਵਤ ਮਾਮਲੇ ਵਿੱਚ ਕਾਬੂ ਕੀਤੇ ਜਾਣ ਤੋਂ ਬਾਅਦ ਹੁਣ ਥਾਣਾ ਕੋਟ ਈਸੇ ਖਾਂ ਦਾ ਚਾਰਜ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਕਿਹਾ ਕਿ ਥਾਣੇ ਵਿੱਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਧਿਆਨ ਨਾਲ ਸੁਣੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਜਾਣਕਾਰੀ ਪੁਲਿਸ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਲੋਕ ਪੱਖੀ ਪੁਲਿਸਿੰਗ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਵਿਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਸ਼ਾਂਤੀ, ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ, ਜਿਸ ਨੂੰ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇਗਾ।