ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਖ਼ਿਲਾਫ਼ ਪੁਲਿਸ ਤੇ ਡਰੱਗ ਕੰਟਰੋਲ ਵਿਭਾਗ ਦੀ ਸਾਂਝੀ ਕਾਰਵਾਈ
ਮੋਗਾ, 24 ਅਕਤੂਬਰ (ਜਗਰਾਜ ਸਿੰਘ ਗਿੱਲ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਸਿਹਤ ਵਿਭਾਗ ਦੇ ਡਰੱਗ ਕੰਟਰੋਲ ਵਿਭਾਗ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਤਿੰਨ ਮੈਡੀਕਲ ਸਟੋਰ ਸੀਲ ਕੀਤੇ ਜਾ ਚੁੱਕੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਥਾਣਾ ਸਿਟੀ ਸਾਊਥ ਮੋਗਾ ਵਿਖੇ ਦਰਜ ਮੁਕੱਦਮਾ ਨੰਬਰ 348, ਮਿਤੀ 9 ਅਕਤੂਬਰ 2026 ਦੇ ਸਬੰਧ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਦੀ ਵਿਕਰੀ ਦੇ ਮਾਮਲੇ ਨੂੰ ਲੈ ਕੇ ਨਿਗਾਹਾ ਰੋਡ ਸਥਿਤ ਬਰਕਤ ਮੈਡੀਕਲ ਸਟੋਰ ਨੂੰ ਸੀਲ ਕੀਤਾ ਗਿਆ।
ਇਸੇ ਤਰ੍ਹਾਂ, ਮੁਕੱਦਮਾ ਨੰਬਰ 358, ਮਿਤੀ 17 ਅਕਤੂਬਰ 2026 ਤਹਿਤ ਚੜਿੱਕ ਰੋਡ, ਬਸਤੀ ਮੋਹਨ ਸਿੰਘ ਸਥਿਤ ਟੀ.ਐੱਸ. ਮੈਡੀਕਲ ਏਜੰਸੀ ਦੀ ਜਾਂਚ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਰੱਖੀਆਂ ਗਈਆਂ ਪ੍ਰੈਗਾਬਾਲਿਨ 150 ਐੱਮ.ਜੀ. ਦੀਆਂ 150 ਗੋਲੀਆਂ ਬਰਾਮਦ ਹੋਈਆਂ। ਇਸ ਕਾਰਵਾਈ ਦੌਰਾਨ ਸਬੰਧਤ ਮੈਡੀਕਲ ਏਜੰਸੀ ਨੂੰ ਵੀ ਸੀਲ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ, 23 ਅਕਤੂਬਰ ਨੂੰ ਟੀ-ਪੁਆਇੰਟ, ਕੱਚਾ ਦੁਸਾਂਝ ਰੋਡ, ਮੋਗਾ ਸਥਿਤ ਗੁਰੂ ਨਾਨਕ ਮੈਡੀਕਲ ਸਟੋਰ ਦੀ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਡਰੱਗ ਇੰਸਪੈਕਟਰ ਵੱਲੋਂ ਉਕਤ ਮੈਡੀਕਲ ਸਟੋਰ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਗਈ।
ਮੋਗਾ ਪੁਲਿਸ ਵੱਲੋਂ ਸਮੂਹ ਮੈਡੀਕਲ ਸਟੋਰ ਸੰਚਾਲਕਾਂ ਅਤੇ ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦਵਾਈਆਂ ਦੀ ਖਰੀਦ, ਸਟਾਕ ਅਤੇ ਵਿਕਰੀ ਸਬੰਧੀ ਲਾਗੂ ਸਰਕਾਰੀ ਨਿਯਮਾਂ ਅਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।
