ਬੂਥ ਲੈਵਲ ਅਫ਼ਸਰਾਂ ਨੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ
ਮੋਗਾ, 24 ਅਕਤੂਬਰ , ਜਗਰਾਜ ਸਿੰਘ ਗਿੱਲ
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੇ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸਹੀ ਤੇ ਅਪਡੇਟ ਰੱਖਣ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਮੌਜੂਦਾ ਵੇਰਵਿਆਂ ਦੀ ਜਾਂਚ ਕਰਨ, ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਅਤੇ ਹੋਰ ਚੋਣਾਂ ਨਾਲ ਸਬੰਧਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸਹੀ ਵੋਟਰ ਸੂਚੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟਰ ਸੂਚੀ ਵਿੱਚ ਦਰਜ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਸੋਧ ਜਾਂ ਨਵੀਂ ਰਜਿਸਟ੍ਰੇਸ਼ਨ ਲਈ ਨਿਰਧਾਰਤ ਪ੍ਰਕਿਰਿਆ ਅਪਣਾਉਣ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ।
