Moga

ਡੀ.ਐੱਸ.ਪੀ. ਮਨਮੋਹਨ ਸ਼ਰਨਾ ਵੱਲੋਂ ਪਿੰਡ ਰੌਲੀ ਦੀ ਅਨਾਜ ਮੰਡੀ ਅਤੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਡੀ.ਐੱਸ.ਪੀ. ਮਨਮੋਹਨ ਸ਼ਰਨਾ ਵੱਲੋਂ ਪਿੰਡ ਰੌਲੀ ਦੀ ਅਨਾਜ ਮੰਡੀ ਅਤੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਮੋਗਾ, 29 ਅਕਤੂਬਰ ਜਗਰਾਜ ਸਿੰਘ ਗਿੱਲ

ਵਾਤਾਵਰਣ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਮੋਹਨ ਸ਼ਰਨਾ, ਪੀ.ਪੀ.ਐੱਸ., ਡੀ.ਐੱਸ.ਪੀ. ਹੈੱਡਕੁਆਰਟਰ ਮੋਗਾ ਵੱਲੋਂ ਪਿੰਡ ਰੌਲੀ ਦੀ ਅਨਾਜ ਮੰਡੀ ਤੋਂ ਇਲਾਵਾ ਪਿੰਡ ਬੁੱਘੀਪੁਰਾ ਅਤੇ ਪਿੰਡ ਮਹਿਣਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਖ਼ੁਦ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਦੌਰਾਨ ਡੀ.ਐੱਸ.ਪੀ. ਮਨਮੋਹਨ ਸ਼ਰਨਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਸਾਹ ਦੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦਾ ਹੈ ਅਤੇ ਸੜਕਾਂ ’ਤੇ ਦਿੱਖ ਘਟਣ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਇਸ ਤੋਂ ਇਲਾਵਾ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਜ਼ਰੂਰੀ ਖ਼ੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਮਾਨਯੋਗ ‘ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ’ (CAQM) ਨਵੀਂ ਦਿੱਲੀ ਅਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਜਾਗਰੂਕ ਕੀਤਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਾਂ, ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ ਅਤੇ ਬੇਲਰ ਦੀ ਵਰਤੋਂ ਕਰਨ। ਇਨ੍ਹਾਂ ਤਕਨੀਕਾਂ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ “ਪਰਾਲੀ ਨੂੰ ਅੱਗ ਨਾ ਲਗਾਉਣਾ ਸਿਰਫ਼ ਕਾਨੂੰਨੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਦੇਣ ਲਈ ਸਾਡਾ ਸਾਂਝਾ ਫ਼ਰਜ਼ ਵੀ ਹੈ।” ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਪ੍ਰਸ਼ਾਸਨ ਅਤੇ ਪੁਲਿਸ ਦਾ ਸਹਿਯੋਗ ਕਰਨ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ।

ਇਸ ਮੌਕੇ ਉਨ੍ਹਾਂ ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਲਗਾਤਾਰ ਗਸ਼ਤ, ਫੀਲਡ ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਗੂ ਕਾਨੂੰਨੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਮੋਹਤਬਰਾਂ ਅਤੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ ਅਤੇ ਪ੍ਰਸ਼ਾਸਨਿਕ ਹਦਾਇਤਾਂ ਦੀ ਪਾਲਣਾ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।