ਬਾਘਾਪੁਰਾਣਾ/ਮੋਗਾ, 11 ਨਵੰਬਰ: ਜਗਰਾਜ ਸਿੰਘ ਗਿੱਲ
ਵਾਤਾਵਰਣ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਹਦਾਇਤਾਂ ਤਹਿਤ ਅੱਜ ਸ੍ਰੀ ਜਸਬਿੰਦਰ ਸਿੰਘ, ਪੀ.ਪੀ.ਐੱਸ., ਡੀ.ਐੱਸ.ਪੀ. ਬਾਘਾਪੁਰਾਣਾ ਅਤੇ ਸ੍ਰੀ ਅਮਰੀਕ ਸਿੰਘ, ਪੀ.ਸੀ.ਐੱਸ., ਐੱਸ.ਡੀ.ਐੱਮ. ਬਾਘਾਪੁਰਾਣਾ ਵੱਲੋਂ ਪਿੰਡ ਸਮਾਲਸਰ ਵਿਖੇ ਸਾਂਝਾ (Joint) ਦੌਰਾ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨਿਕ ਟੀਮ ਨੇ ਖੇਤਾਂ ਵਿੱਚ ਖ਼ੁਦ ਪਹੁੰਚ ਕੇ ਕਿਸਾਨਾਂ ਅਤੇ ਆਮ ਪਬਲਿਕ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਗੰਭੀਰਤਾ ਨਾਲ ਪ੍ਰੇਰਿਤ ਕੀਤਾ।
ਦੌਰੇ ਦੌਰਾਨ ਅਧਿਕਾਰੀਆਂ ਨੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਸਾਹ ਦੀਆਂ ਗੰਭੀਰ ਬੀਮਾਰੀਆਂ ਦਾ ਕਾਰਨ ਬਣਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬੁਰਾ ਅਸਰ ਪਾਉਂਦਾ ਹੈ। ਇਸ ਤੋਂ ਇਲਾਵਾ ਧੂੰਏਂ ਕਾਰਨ ਹੋਣ ਵਾਲੀ ਧੁੰਦ ਨਾਲ ਸੜਕੀ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਮਾਨਯੋਗ ‘ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ’ (CAQM) ਅਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਬਾਰੇ ਸੁਚੇਤ ਕੀਤਾ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਨਬੇੜੇ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਾਂ (ਜਿਵੇਂ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਆਦਿ) ਦੀ ਵਰਤੋਂ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਫੀਲਡ ਵਿੱਚ ਲਗਾਤਾਰ ਗਸ਼ਤ ਅਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਗੂ ਕਾਨੂੰਨੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
