ਕੋਟ ਈਸੇ ਖਾਂ, ਜਗਰਾਜ ਸਿੰਘ ਗਿੱਲ
ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ, ਆਵਾਜਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਬਾਜ਼ਾਰਾਂ ਵਿੱਚ ਲੱਗਣ ਵਾਲੇ ਜਾਮ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਸ਼ਹਿਰ ਦੇ ਮਹੱਤਵਪੂਰਨ ਚੌਕਾਂ ਅਤੇ ਮੁੱਖ ਬਾਜ਼ਾਰਾਂ ਵਿੱਚ ਨੋ ਪਾਰਕਿੰਗ ਦੇ ਬੋਰਡ ਲਗਾਏ ਗਏ ਹਨ, ਤਾਂ ਜੋ ਵਾਹਨਾਂ ਦੀ ਬੇਤਰਤੀਬ ਪਾਰਕਿੰਗ ਨੂੰ ਰੋਕਿਆ ਜਾ ਸਕੇ ਅਤੇ ਆਵਾਜਾਈ ਨਿਰਵਿਘਨ ਜਾਰੀ ਰਹੇ।ਇਸ ਸਬੰਧੀ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਕਮਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਬਾਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਟ੍ਰੈਫਿਕ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਕਸਰ ਬਾਜ਼ਾਰਾਂ ਅਤੇ ਚੌਕਾਂ ਵਿੱਚ ਗਲਤ ਢੰਗ ਨਾਲ ਵਾਹਨ ਖੜ੍ਹੇ ਕਰਨ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਨੋ ਪਾਰਕਿੰਗ ਬੋਰਡ ਲਗਾਏ ਗਏ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ, ਨੋ ਪਾਰਕਿੰਗ ਵਾਲੀਆਂ ਥਾਵਾਂ ‘ਤੇ ਵਾਹਨ ਖੜ੍ਹੇ ਨਾ ਕਰਨ ਅਤੇ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਵਿੱਚ ਪੁਲਿਸ ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਸੁਚਾਰੂ ਆਵਾਜਾਈ ਅਤੇ ਬਿਹਤਰ ਟ੍ਰੈਫਿਕ ਅਨੁਸ਼ਾਸਨ ਕਾਇਮ ਕੀਤਾ ਜਾ ਸਕਦਾ ਹੈ।
