ਇੱਕ ਦੋਸ਼ੀ ਗ੍ਰਿਫ਼ਤਾਰ, ਸਾਥੀ ਫਰਾਰ; ਡਰੱਗ ਮਨੀ ਤੇ ਕਾਰ ਵੀ ਜ਼ਬਤ
ਕੋਟ ਈਸੇ ਖਾਂ, 26 ਜੂਨ (ਜਗਰਾਜ ਸਿੰਘ ਗਿੱਲ)
ਜ਼ਿਲ੍ਹਾ ਪੁਲਿਸ ਮੋਗਾ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਥਾਣਾ ਕੋਟ ਈਸੇ ਖਾਂ ਦੇ ਅਧੀਨ ਇੱਕ ਮੈਡੀਕਲ ਸਟੋਰ ‘ਤੇ ਛਾਪਾ ਮਾਰ ਕੇ 1600 ਪ੍ਰੈਗਾਬਾਲਿਨ ਕੈਪਸੂਲ, 569 ਨਸ਼ੀਲੀਆਂ ਗੋਲੀਆਂ, 9,940 ਰੁਪਏ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਇੱਕ ਹੋਰ ਦੀ ਗ੍ਰਿਫ਼ਤਾਰੀ ਬਾਕੀ ਹੈ।
ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਜੀ ਦੇ ਨਿਰਦੇਸ਼ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਆਈ.ਜੀ. ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਵਿਜੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਪੀ. (ਇਨਵੈਸਟੀਗੇਸ਼ਨ) ਬਾਲ ਕ੍ਰਿਸ਼ਨ ਸਿੰਗਲਾ ਦੀ ਨਿਗਰਾਨੀ ਹੇਠ ਡੀ.ਐਸ.ਪੀ. ਧਰਮਕੋਟ ਸੁਖਵਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਇੰਸਪੈਕਟਰ ਸੁਨੀਤਾ ਰਾਣੀ, ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ।
ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ
ਪੁਲਿਸ ਅਨੁਸਾਰ 24 ਜੂਨ ਨੂੰ ਡਰੱਗ ਇੰਸਪੈਕਟਰ ਵੱਲੋਂ ਮਿਲੀ ਸੂਚਨਾ ਦੇ ਆਧਾਰ ‘ਤੇ ਮਸੀਤਾਂ ਰੋਡ ਸਥਿਤ ਪ੍ਰੇਮ ਮੈਡੀਕਲ ਸਟੋਰ ‘ਤੇ ਛਾਪਾ ਮਾਰਿਆ ਗਿਆ। ਮੌਕੇ ਤੋਂ ਸਚਿਨ ਛਾਬੜਾ ਪੁੱਤਰ ਪ੍ਰੇਮ ਕੁਮਾਰ ਵਾਸੀ ਪੰਡਿਤਾਂ ਵਾਲਾ ਮੁਹੱਲਾ, ਕੋਟ ਈਸੇ ਖਾਂ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ 1600 ਪ੍ਰੈਗਾਬਾਲਿਨ 300 ਮਿਲੀਗ੍ਰਾਮ ਕੈਪਸੂਲ, 69 ਗੋਲੀਆਂ VERNOR-N ਅਤੇ 500 ਗੋਲੀਆਂ LENYDOL (Tapentadol), 9,940 ਰੁਪਏ ਡਰੱਗ ਮਨੀ ਅਤੇ ਕਾਰ ਨੰਬਰ PB-65-BB-3791 ਬਰਾਮਦ ਕੀਤੀ ਗਈ।
ਇਸ ਸਬੰਧੀ ਸਚਿਨ ਛਾਬੜਾ ਅਤੇ ਸੁਖਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਲੰਡੇ ਕੇ, ਜ਼ਿਲ੍ਹਾ ਮੋਗਾ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਨਸ਼ੀਲੀਆਂ ਦਵਾਈਆਂ ਦੇ ਸਰੋਤ, ਸਪਲਾਈ ਚੇਨ ਅਤੇ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਮਾਮਲੇ ਵਿੱਚ ਹੋਰ ਅਹਿਮ ਖੁਲਾਸਿਆਂ ਦੀ ਉਮੀਦ ਹੈ।
