ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦਾ ਸਟਾਕ ਪੂਰਾ , ਸਪਲਾਈ ਪੂਰੀ ਤਰ੍ਹਾਂ ਆਮ ਵਾਂਗ – ਸਾਗਰ ਸੇਤੀ

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਮੋਗਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ।

ਲੋਕ ਅਫ਼ਵਾਹਾਂ ‘ਤੇ ਯਕੀਨ ਨਾ ਕਰਨ – ਜਮਾਖੋਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ 

ਮੋਗਾ 11 ਮਾਰਚ  (ਜਗਰਾਜ ਸਿੰਘ ਗਿੱਲ) ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ ਮੋਗਾ ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦਾ ਸਟਾਕ ਤੇ ਸਪਲਾਈ ਪੂਰੀ ਤਰ੍ਹਾਂ ਆਮ ਵਾਂਗ ਹੈ ਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ

ਅੱਜ ਕੌਮਾਂਤਰੀ ਪੱਧਰ ‘ਤੇ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਇਹਤਿਆਤੀ ਕਦਮਾਂ ਵਜੋਂ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਐਲਪੀਜੀ ਗੈਸ ਏਜੰਸੀ ਡੀਲਰਾਂ ਅਤੇ ਹਿੰਦੁਸਤਾਨ ਪੈਟਰੋਲੀਅਮ , ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ , ਪੈਟਰੋਲ ਪੰਪ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਇਸ ਦੌਰਾਨ ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਲਪੀਜੀ ਗੈਸ ਸਿਲੰਡਰਾਂ ਦੇ ਨਾਲ-ਨਾਲ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸੁਚਾਰੂ ਤਰੀਕੇ ਨਾਲ ਜਾਰੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸਪਲਾਈ ਚੇਨ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਵਿਭਾਗਾਂ ਨਾਲ ਨਿਰੰਤਰ ਸੰਪਰਕ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਗਾਹਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਉਣ ਦੇਣ ਅਤੇ ਨਿਯਮਾਂ ਅਨੁਸਾਰ ਹੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਨਕਲੀ ਘਾਟ ਪੈਦਾ ਕਰਨ ਜਾਂ ਜਮਾਖੋਰੀ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਬਾਰੇ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ਰਾਹੀਂ ਫੈਲ ਰਹੀਆਂ ਨਕਾਰਾਤਮਕ ਖ਼ਬਰਾਂ ਅਤੇ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ।ਮੀਟਿੰਗ ਦੌਰਾਨ ਸਾਰੇ ਡੀਲਰਾਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਪਲਾਈ ਪੂਰੀ ਤਰ੍ਹਾਂ ਸਧਾਰਣ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬੇਲੋੜੀ ਖਰੀਦਦਾਰੀ ਤੋਂ ਬਚਣ ਅਤੇ ਸਿਰਫ਼ ਆਪਣੀ ਲੋੜ ਅਨੁਸਾਰ ਹੀ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਖਰੀਦਦਾਰੀ ਕਰਨ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਅਧਿਕਾਰਕ ਜਾਣਕਾਰੀ ’ਤੇ ਹੀ ਵਿਸ਼ਵਾਸ ਕਰਨ।

ਉਨ੍ਹਾਂ ਇਹ ਵੀ ਦੱਸਿਆ ਕਿਸੇ ਡੀਲਰ ਜਾਂ ਖਪਤਕਾਰ ਵਲੋਂ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਨੋਡਲ ਅਫਸਰ ਜਸਵਿੰਦਰ ਸਿੰਘ ਮੋਬਾਇਲ ਨੰ: 90415-02323 ਨਾਲ ਸੰਪਰਕ ਕਰਕੇ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ।

ਇਸ ਮੌਕੇ ਡੀ.ਐਫ.ਐਸ.ਸੀ. ਮੋਗਾ: ਸੁਖਵਿੰਦਰ ਸਿੰਘ ਗਿੱਲ, ਦਿਨੇਸ਼ ਬਾਂਸਲ, ਇੰਸਪੈਕਟਰ ਸਪਲਾਈ, ਅਵਿਨਾਸ਼ ਗੁਪਤਾ, ਪ੍ਰਧਾਨ, ਮੋਗਾ ਗੈਸ ਡਿਸਟ੍ਰੀਬਿਊਟਰਜ਼ ਹਨੀਸ਼ ਸੇਠੀ, ਸੇਠੀ ਗੈਸ ਸਰਵਿਸ ਅਮਨਦੀਪ ਸਿੰਘ ਅਰਪਿਤ ਮਹਿਤਾ ਰਜਨੀਸ਼ ਥਾਪਰ ਜੌਨੀ ਸ਼ਰਮਾ, ਡੀਜੀਐਮ (ਪੀਆਰ), ਥਿੰਕ ਗੈਸ ਅਭਿਸ਼ੇਕ ਗਿਰੀ, ਸੇਲਜ਼ ਅਫਸਰ, ਆਈ.ਓ.ਸੀ.ਐਲ ਅਵਿਨਾਸ਼ ਚਿਤਰਾਂਸ਼, ਸੇਲਜ਼ ਅਫਸਰ, ਐਚ.ਪੀ.ਸੀ.ਐਲ ਇੰਦਰਜੀਤ ਸਿੰਘ, ਰਿਤਿਕ ਸ਼ੁਕਲਾ ਸਾਹਿਲ ਕੁਮਾਰ, ਜਤਿੰਦਰ ਸਿੰਘ, ਅਨੁਰਾਗ ਕੁਮਾਰ, ਹਰਮੀਤ ਸਿੰਘ, ਸਤਨਾਮ ਸਿੰਘ, ਰਾਜਦੀਪ ਸਿੰਘ, ਯਾਦੂ ਗਰਗ, ਸੁਖਬੀਰ ਸਿੰਘ ਸੰਧੂ, ਅਮਨ ਗਰਗ, ਜਗਜੀਤ ਸਿੰਘ, ਪੰਕਜ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ, ਪ੍ਰਧਾਨ ਪੈਟਰੋਲ ਤੋਂ ਇਲਾਵਾ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਸਮੂਹ ਗੈਸ ਏਜੰਸੀਆਂ ਦੇ ਨੁੰਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *