ਕਣਕ ਦੀ ਸਰਕਾਰੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ, ਪ੍ਰਬੰਧ ਜਾਰੀ

ਏਜੰਸੀਆਂ ਨੂੰ ਖਰੀਦ ਵੰਡ ਟੀਚੇ ਜਾਰੀ, ਕਿਸਾਨਾਂ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ – ਡਿਪਟੀ ਕਮਿਸ਼ਨਰ

 

ਮੋਗਾ, 5 ਅਪ੍ਰੈਲ (ਜਗਰਾਜ ਗਿੱਲ) – ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਯਤਨ ਲਗਾਤਾਰ ਜਾਰੀ ਹਨ। ਖਰੀਦ ਲਈ ਸਾਰੀਆਂ ਖਰੀਦ ਏਜੰਸੀਆਂ ਨੂੰ ਖਰੀਦ ਵੰਡ ਸਬੰਧੀ ਟੀਚੇ ਜਾਰੀ ਕਰ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਜ਼ਿਲ੍ਹਾ ਖੁਰਾਕ ਸਪਲਾਈਜ ਕੰਟਰੋਲਰ (ਡੀ.ਐਫ.ਐੱਸ.ਸੀ.) ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਅਸਥਾਈ ਯਾਰਡਾਂ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਰ ਖਰੀਦ ਕੇਂਦਰ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

 

ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ (23 ਫੀਸਦੀ), ਮਾਰਕਫੈੱਡ (22 ਫੀਸਦੀ), ਪਨਸਪ (22 ਫੀਸਦੀ), ਵੇਅਰ ਹਾਊਸ (13 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ (20 ਫੀਸਦੀ) ਨੂੰ ਖਰੀਦ ਵੰਡ ਕਰ ਦਿੱਤੀ ਗਈ ਹੈ। ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਕਰ ਲਏ ਗਏ ਸਨ।

 

ਜ਼ਿਲ੍ਹਾ ਮੰਡੀ ਅਫ਼ਸਰ ਸ੍ਰ. ਮਨਦੀਪ ਸਿੰਘ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਟੋਕਨ ਸਿਸਟਮ ਨਾਲ ਖਰੀਦ ਕੀਤੀ ਜਾਵੇਗੀ। ਆੜਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ।

 

ਉਹਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਇਆ ਜਾਵੇਗਾ। ਹਰੇਕ ਮੰਡੀ ਵਿੱਚ ਇਸ ਲਈ ਹੱਥ ਧੋਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

 

ਸ਼੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ।

Leave a Reply

Your email address will not be published. Required fields are marked *