– ਜ਼ਿਲ੍ਹਾ ਮੰਡੀ ਬੋਰਡ ਨੇ ਕਿਸਾਨਾਂ ਦੀ ਸਹੂਲਤ ਲਈ ਕੀਤਾ ਉਪਰਾਲਾ
ਮੋਗਾ, 25 ਅਪ੍ਰੈਲ (ਗੁਰਪ੍ਰਸਾਦ ਸਿੱਧੂ)ਜ਼ਿਲ੍ਹਾ ਮੋਗਾ ਦੀਆਂ ਅਨਾਜ ਮੰਡੀਆਂ ਵਿੱਚ ਫ਼ਸਲ ਵੇਚਣ ਵਾਲੇ ਕਿਸਾਨਾਂ ਦੀ ‘ਅਨਾਜ ਖ਼ਰੀਦ ਪੋਰਟਲ’ ‘ਤੇ ਮੁਫ਼ਤ ਰਜਿਸਟਰੇਸ਼ਨ ਵਾਸਤੇ ਜ਼ਿਲ੍ਹਾ ਮੰਡੀ ਬੋਰਡ ਵੱਲੋਂ ਮਾਰਕੀਟ ਕਮੇਟੀਆਂ ਦੇ ਦਫ਼ਤਰਾਂ ਵਿੱਚ ਫਾਰਮਰ ਹੈਲਪ ਡੈਸਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੀ ਬੈਂਕਾਂ ਰਾਹੀਂ ਸਿੱਧੀ ਅਦਾਇਗੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਮੰਡੀ ਅਫ਼ਸਰ ਸ੍ਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀ ਦਫ਼ਤਰਾਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਫਾਰਮਰ ਹੈਲਪ ਡੈਸਕ ਸ਼ੁਰੂ ਕੀਤੇ ਗਏ ਹਨ, ਜਿਥੇ ਕਿਸਾਨ ਆਪਣੇ ਬੈਂਕ ਖਾਤਿਆਂ ਵਿੱਚ ਫ਼ਸਲ ਦੀ ਸਿੱਧੀ ਅਦਾਇਗੀ ਪ੍ਰਾਪਤ ਕਰਨ ਵਾਸਤੇ ਮੁਫ਼ਤ ਵਿੱਚ ‘ਅਨਾਜ ਖ਼ਰੀਦ ਪੋਰਟਲ’ ‘ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੋਰਟਲ ‘ਤੇ ਮੁਫ਼ਤ ਰਜਿਸਟਰੇਸ਼ਨ ਲਈ ਕਿਸਾਨ ਆਪਣੇ ਨਾਲ ਆਧਾਰ ਕਾਰਡ, ਬੈਂਕ ਦੀ ਪਾਸ ਬੁੱਕ ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਪਣਾ ਰਜਿਸਟਰਡ ਮੋਬਾਇਲ ਨੰਬਰ ਦੇਣ ਦੀ ਲੋੜ ਹੈ, ਜਿਸ ‘ਤੇ ਸਿੱਧੀ ਅਦਾਇਗੀ ਸਬੰਧੀ ਓ.ਟੀ.ਪੀ. ਭੇਜਿਆ ਜਾਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮੰਡੀ ਦਫ਼ਤਰ ਵਿਖੇ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕੋਈ ਵੀ ਮੁਸ਼ਕਲ ਆਉਣ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੰਡੀ ਬੋਰਡ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ, ਜਿਸ ਲਈ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਰੋਗਾਣੂ ਮੁਕਤ ਸੋਡੀਅਮ ਹਾਈਪੋ ਕਲੋਰਾਈਟ ਦੇ ਛਿੜਕਾਅ, ਸੈਨੇਟਾਈਜ਼ਰ, ਪੀਣ ਵਾਲੇ ਪਾਣੀ, ਹੱਥ ਧੋਣ ਲਈ ਸਾਬਣ ਆਦਿ ਸਮੇਤ ਸਮੁੱਚੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਸਮੇਤ ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰਨਾਂ ਨੂੰ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਕੋਵਿਡ-19 ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਤੋਂ ਕਿਸਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।