ਕਾਮਨ ਸਰਵਿਸ ਸੈਂਟਰਾਂ ਵਿਖੇ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਸਕਦੇ ਹਨ । 

ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ।

 

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਜੰਗੀ ਪੱਧਰ ‘ਤੇ ਜਾਰੀ

ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਕੋਲ ਮੋਬਾਇਲ ਨੰਬਰ ਨਾਲ ਲਿੰਕਡ ਆਧਾਰ ਕਾਰਡ ਹੋਣਾ ਲਾਜਮੀ-ਡਿਪਟੀ ਕਮਿਸ਼ਨਰ

22 ਸਥਾਨਾਂ ਤੇ ਵਿਸ਼ੇਸ਼ ਕੈਂਪ ਆਯੋਜਿਤ ਕਰਕੇ ਕੀਤੀ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ

300 ਕਾਮਨ ਸਰਵਿਸ ਸਟੇਸ਼ਨਾਂ ਵਿਖੇ ਵੀ ਬਣਵਾਏ ਜਾ ਸਕਦੇ ਹਨ ਕਾਰਡ 

 

ਮੋਗਾ 05 ਫਰਵਰੀ ਜਗਰਾਜ ਸਿੰਘ ਗਿੱਲ 

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਯੋਗ ਬਿਨੈਕਾਰਾਂ ਦੀ ਰਜਿਸਟ੍ਰੇਸ਼ਨ ਜਲਦ ਤੋਂ ਜਲਦ ਕੀਤੀ ਜਾ ਸਕੇ ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜਨਾਂ ਵਿੱਚ ਇਹ ਵਿਸ਼ੇਸ਼ ਕੈਂਪ ਜਾਰੀ ਹਨ। ‘ ਉਨ੍ਹਾਂ ਕਿਹਾ ਕਿ ਮੋਗਾ ਜਿਲ੍ਹੇ ਵਿੱਚ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ 300 ਕਾਮਨ ਸਰਵਿਸ ਸੈਂਟਰਾਂ ਵਿਖੇ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਸਕਦੇ ਹਨ ।

 

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਕੋਲ ਆਪਣਾ ਆਧਾਰ ਕਾਰਡ ਜਿਸ ਨਾਲ ਮੋਬਾਇਲ ਨੰਬਰ ਲਿੰਕ ਹੋਵੇ ਅਤੇ ਵੋਟਰ ਕਾਰਡ ਹੋਣਾ ਲਾਜਮੀ ਹੈ। ਜੇਕਰ ਕਿਸੇ ਪਰਿਵਾਰਕ ਮੈਂਬਰ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਜਨਮ ਸਰਟੀਫਿਕੇਟ ਲਾਜਮੀ ਹੈ।

 

ਸ਼੍ਰੀ ਸੇਤੀਆ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਯੋਗ ਵਿਅਕਤੀ ਨੂੰ ਇਸ ਸਕੀਮ ਤਹਿਤ ਰਜਿਸਟਰਡ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਐਮਪੈਨਲਡ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ।ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣਾ ਅਤੇ ਹਰ ਪਰਿਵਾਰ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਜ਼ਿਲ੍ਹਾ ਮੋਗਾ ਦੇ 22 ਸਥਾਨਾਂ ਉਪਰ ਇਹ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਗਏ।

ਸਬ ਡਿਵੀਜਨ ਮੋਗਾ ਵਿਖੇ 4 , ਸਬ ਡਿਵੀਜਨ ਬਾਘਾਪੁਰਾਣਾ ਵਿਖੇ 7, ਸਬ ਡਿਵੀਜਨ ਧਰਮਕੋਟ ਵਿਖੇ 5 ਅਤੇ ਸਬ ਡਿਵੀਜਨ ਨਿਹਾਲ ਸਿੰਘ ਵਾਲਾ ਵਿਖੇ 6 ਥਾਵਾਂ ਵਿਖੇ ਇਹਨਾਂ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹਨਾਂ ਕੈਂਪਾਂ ਵਿੱਚ ਲਾਭਪਾਤਰੀਆਂ ਵੱਲੋਂ ਭਰਪੂਰ ਲਾਹਾ ਲਿਆ ਗਿਆ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਵੱਧ ਚੜ੍ਹਕੇ ਰਜਿਸਟ੍ਰੇਸ਼ਨ ਕਰਵਾਉਣ ।

 

Leave a Reply

Your email address will not be published. Required fields are marked *