ਮੋਗਾ 6 ਨਵੰਬਰ ( ਮਿੰਟੂ ਖੁਰਮੀ) ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੇ ਮੱਦੇਨਜਰ ਜ਼ਿਲੇ ਅੰਦਰ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਐੱਫ਼ ਆਈ ਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ 169 ਕਿਸਾਨਾਂ ਦੇ ਚਾਲਾਨ ਵੀ ਕੱਟੇ ਗਏ ਹਨ। ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਕਿਸੇ ਨੂੰ ਤੰਗ ਪ੍ਰੇਸ਼ਾਨ ਕਰਨਾ ਨਹੀਂ, ਬਲਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਪ੍ਰਦੂਸਿਤ ਹੋਣ ਤੋਂ ਬਚਾਉਣਾ ਹੈ ਅਤੇ ਸਾਡੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨ ਲਈ ਇਹ ਸਖਤੀ ਕਰਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ, ਨਾਇਬ ਤਹਿਸਿਲਦਾਰ ਅਤੇ ਹੋਰ ਅਮਲੇ ਸਮੇਤ ਸਮੂਹ ਨੋਡਲ ਅਫਸਰਾਂ ਅਤੇ ਕੋਆਰਡੀਨੇਟਰਾਂ ਵੱਲੋਂ ਫੀਲਡ ਵਿੱਚ ਰਹਿ ਕੇ ਜਿੱਥੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਾ ਹੈ, ਤਾਂ ਤੁਰੰਤ ਐੱਫ ਆਈ ਆਰ ਦਰਜ ਕੀਤੀ ਜਾ ਰਹੀ ਹੈ।ਇਸ ਤੋਂ ਬਿਨਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੀ ਸਮੂਹ ਅਧਿਕਾਰੀ ਇਸੇ ਤਰ੍ਹਾਂ ਖੇਤਾਂ ਦੇ ਦੌਰੇ ਕਰਨਗੇ ਅਤੇ ਜੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਇੱਕ ਪਾਸੇ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਹੋਇਆਂ ਸਾਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਫ਼ੈਲਣ ਵਾਲਾ ਪ੍ਰਦੂਸ਼ਣ ਮਨੁੱਖਤਾ, ਜੀਵ ਜੰਤੂਆਂ ਅਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਨੂੰ ਰੋਕਣ ਲਈ ਸਮੂਹ ਪੰਚਾਇਤਾਂ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਵੱਡੇ ਹਿੱਤਾਂ ਲਈ ਪਰਾਲੀ ਨਾ ਸਾੜਨ ਅਤੇ ਖੇਤੀਬਾੜੀ ਵਿਭਾਗ ਦੀ ਸਲਾਹ ਅਨੁਸਾਰ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਮੁੜ ਦੁਹਰਾਇਆ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੇ ਵੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।