ਮੋਗਾ 15 ਦਸੰਬਰ (ਜਗਰਾਜ ਸਿੰਘ ਗਿੱਲ)
ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿਚ ਇਕ ਡਿਜੀਟਲ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ) ਸ਼ੁਰੂ ਕੀਤੀ ਗਈ ਹੈ, ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀ. ਜੀ. ਆਰ ਅਤੇ ਪੀ. ਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ਵੱਖ-ਵੱਖ ਵਿਭਾਗਾਂ ਵਿਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜ਼ੇਸ਼ਨ ਲਈ ਬੇਹੱਦ ਅਹਿਮ ਸਾਬਿਤ ਹੋ ਰਿਹਾ ਹੈ। ਉਨਾਂ ਕਿਹਾ ਕਿ ਪੋਰਟਲ ਦਾ ਉਦੇਸ਼ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਹੈ। ਉਨਾਂ ਕਿਹਾ ਕਿ ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in ‘ਤੇ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਚੰਡੀਗੜ੍ਹ ਅਤੇ ਜਿਲ੍ਹਾ ਪੱਧਰ ਦੇ ਮੁੱਖ ਦਫ਼ਤਰਾਂ ਵਿਖੇ ਸਿਖਲਾਈ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਪੀ. ਜੀ. ਆਰ. ਐਸ ਕੇਂਦਰੀ ਪੋਰਟਲ ਵਜੋਂ ਕੰਮ ਕਰ ਰਿਹਾ ਹੈ, ਜਿਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ‘ਤੇ ਖ਼ੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ ‘ਤੇ ਵਿਅਕਤੀਗਤ ਤੌਰ ‘ਤੇ ਦਰਜ ਕਰ ਕੇ ਦਰਜ ਕੀਤੀਆਂ ਜਾ ਸਕਦੀਆਂ ਹਨ। ਉਨਾਂ ਦੱਸਿਆ ਕਿ ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣ ਸਕਦੇ ਹਨ ਅਤੇ ਉਨਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਐਸ. ਐਮ. ਐਸ ਦੁਆਰਾ ਸੂਚਿਤ ਕੀਤਾ ਜਾਂਦਾ ਹੈ। ਸ਼ਿਕਾਇਤ ਦਾ ਹੱਲ ਹੋਣ ‘ਤੇ ਉਨਾਂ ਨੂੰ ਫੋਨ ਕਾਲ ਆਉਂਦੀ ਹੈ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਂਦੀ ਹੈ। ਉਨਾਂ ਕਿਹਾ ਕਿ ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖ਼ਾਲਾ ਬਣਾਉਣ ਲਈ ਸਰਕਾਰ ਭਵਿੱਖ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਉਨਾਂ ਜ਼ਿਲਾ ਦੇ ਨਾਗਰਿਕਾਂ ਨੂੰ ਕਿਸੇ ਵੀ ਕਿਸਮ ਦੀ ਸ਼ਿਕਾਇਤ ਪੋਰਟਲ ‘ਤੇ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ।