• Thu. Nov 21st, 2024

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ByJagraj Gill

Aug 23, 2024

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ

ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ – ਕੈਬਨਿਟ ਮੰਤਰੀ

ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਮੋਗਾ, 23 ਅਗਸਤ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।

ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਇਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੌਕੇ ਉੱਤੇ ਹੀ ਜੇ ਈ ਨੂੰ ਸਸਪੈਂਡ ਕਰਨ ਦੇਣ ਨਾਲ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਜਾਰੀ ਕਰ ਦਿੱਤਾ।

ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਅਨੁਸਾਸ਼ਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਉਹਨਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਕਿਹਾ ਕਿ ਉਹ ਸਾਰੇ ਐੱਸ ਡੀ ਐੱਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਰਾਹੀਂ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਜ਼ਰੂਰ ਕਰਵਾਉਣ। ਜਿੱਥੇ ਵੀ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਸ੍ਰ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ। ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਲੇਬਰ ਕਾਰਡ ਬਣਾਏ ਜਾਣ। ਪਟਵਾਰੀਆਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇ। ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ।

ਉਹਨਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ਼ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਿਆ ਜਾਵੇ। ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਾਰੀ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਹਨਾਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋੜ ਮੁਤਾਬਿਕ ਸਰਕਾਰੀ ਬੱਸ ਸੇਵਾ ਪਹਿਲ ਦੇ ਅਧਾਰ ਉੱਤੇ ਚਾਲੂ ਕਰਵਾਈ ਜਾਵੇ।

 

ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ, ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਸ਼੍ਰੀਮਤੀ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ, ਸ੍ਰ ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਸ੍ਰ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *