ਖੇਤੀਬਾੜੀ ਖੇਤਰ ਵਿਚ ਕੇਂਦਰ ਸਰਕਾਰ ਦਾ ਦਖ਼ਲ ਬਰਦਾਸ਼ਤ ਨਹੀਂ – ਸੁਖਜਿੰਦਰ ਸਿੰਘ ਰੰਧਾਵਾ

ਖੇਤੀ ਆਰਡੀਨੈਂਸਾਂ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਵੇਗੀ
ਬੱਧਨੀ ਕਲਾਂ, 1 ਅਕਤੂਬਰ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਸਥਾਨਕ ਦਾਣਾ ਮੰਡੀ ਵਿੱਚ ਮਿਤੀ 3 ਅਕਤੂਬਰ ਨੂੰ ਹੋਣ ਵਾਲੀ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਰੈਲੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਕਿਸਾਨ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਜਾਣਗੇ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਪਹਿਲਾਂ ਬਿਹਾਰ ਵਿਚ ਲਾਗੂ ਕੀਤਾ ਗਿਆ ਸੀ ਜੌ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਉਥੇ ਕਿਸਾਨਾਂ ਦੀ ਆਮਦਨੀ ਵਿੱਚ ਭਾਰੀ ਗਿਰਾਵਟ ਆਈ ਹੈ। ਕੇਂਦਰ ਸਰਕਾਰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਆਰਡੀਨੈਂਸ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੀ ਹੈ ਜਿਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ। ਜਿੱਥੇ ਵੀ ਮੰਡੀਕਰਨ ਖਤਮ ਕੀਤਾ ਗਿਆ ਹੈ ਉਥੇ ਕਿਸਾਨਾਂ ਅਤੇ ਆਰਥਿਕਤਾ ਦਾ ਮਾੜਾ ਹਾਲ ਹੋ ਗਿਆ ਹੈ।
ਉਹਨਾਂ ਕਿਹਾ ਕਿ ਇਹ ਕਾਨੂੰਨ 1960 ਵਿੱਚ ਵੀ ਲਾਗੂ ਕੀਤਾ ਗਿਆ ਸੀ, ਜੌ ਕਿ ਤਜ਼ਰਬਾ ਫੇਲ੍ਹ ਹੋਇਆ ਸੀ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਹਰਜੋਤ ਕਮਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਦਰਸ਼ਨ ਸਿੰਘ ਬਰਾੜ, ਇੰਦਰਜੀਤ ਸਿੰਘ ਜ਼ੀਰਾ (ਸਾਰੇ ਵਿਧਾਇਕ), ਆਈ ਜੀ ਕੌਸਤੁਭ ਸ਼ਰਮਾ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਹਰਮਨਬੀਰ ਸਿੰਘ ਗਿੱਲ, ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਕਮਲਜੀਤ ਸਿੰਘ ਬਰਾੜ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *