ਬਾਘਾਪੁਰਾਣਾ (ਮੋਗਾ) 26 ਨਵੰਬਰ
(ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਬਾਘਾਪੁਰਾਣਾ ਰਾਜਪਾਲ ਸਿੰਘ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਰਾਜਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਹਰ ਵਿਅਕਤੀ ਦਾ ਵੋਟ ਦੀ ਅਹਿਮੀਅਤ ਨੂੰ ਸਮਝਣਾ ਬੜਾ ਲਾਜ਼ਮੀ ਹੈ। ਉਨ੍ਹਾਂ ਵਿਧਾਨ ਸਭਾ ਚੋਣ ਹਲਕਾ ਬਾਘਾਪੁਰਾਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 15 ਦਸੰਬਰ, 2020 ਤੱਕ ਜਾਰੀ ਸਪੈਸ਼ਲ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਜਿੰਨ੍ਹਾਂ ਨਾਗਰਿਕਾਂ ਦੀ ਉਮਰ 1 ਜਨਵਰੀ, 2021 ਨੂੰ 18 ਸਾਲ ਜਾਂ ਇਸ ਤੋਂ ਉੱਪਰ ਦੀ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ ਵੋਟ ਬਣਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਨੇ ਰਿਹਾਇਸ਼ ਬਦਲੀ ਹੈ ਅਤੇ ਉਸਨੇ ਆਪਣਾ ਜਾਂ ਆਪਣੇ ਪਰਿਵਾਰ ਦਾ ਨਾਮ ਪੁਰਾਣੀ ਰਿਹਾਇਸ਼ ਵਾਲੀ ਥਾਂ ਤੋ ਕਟਵਾ ਕੇ ਨਵੀਂ ਰਿਹਾਇਸ਼ ਵਾਲੀ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਹੈ ਜਾਂ ਕਿਸੇ ਵਿਅਕਤੀ ਦੀ ਮੌਤ ਹੋ ਜਾਣ ਕਰਕੇ ਉਸਦੇ ਪਰਿਵਾਰ ਨੇ ਉਸਦਾ ਨਾਮ ਵੋਟਰ ਸੂਚੀ ਵਿੱਚੋਂ ਕਟਵਾਉਣਾ ਹ,ੈ ਤਾਂ ਉਹ ਆਪਣੇ ਇਲਾਕੇ ਦੇ ਬੀ.ਐਲ.ਓ. ਪਾਸ ਫਾਰਮ ਜਮ੍ਹਾਂ ਕਰਵਾ ਸਕਦਾ ਹੈ ਜਾਂ ਸਿੱਧੇ ਤੌਰ ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਬਾਘਾਪੁਰਾਣਾ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਤਹਿਸੀਲਦਾਰ ਬਾਘਾਪੁਰਾਣਾ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਕਮ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਾਘਾਪੁਰਾਣਾ ਦੇ ਦਫ਼ਤਰ ਵਿਖੇ ਦੇ ਸਕਦੇ ਹਨ ਜਾਂ ਡਾਕ ਰਾਹੀਂ ਭੇਜ ਸਕਦੇ ਹਨ।
ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਚੁੱਕਿਆ ਜਾਵੇ ਅਤੇ ਜਿੰਨ੍ਹਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਜਰੂਰ ਬਣਵਾਈਆਂ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਕਮ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਗੁਰਮੀਤ ਸਿੰਘ, ਸੁਪਰਡੈਂਟ ਨਰੇਸ਼ ਕੁਮਾਰ, ਇਲੈਕਸ਼ਨ ਕਾਨੂੰਨਗੋ ਪ੍ਰਦੀਪ ਕੁਮਾਰ ਅਤੇ ਸਮੂਹ ਸਟਾਫ ਹਾਜ਼ਰ ਰਿਹਾ।