ਭਾਰਤੀਆਂ ਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ – ਡਿਪਟੀ ਕਮਿਸ਼ਨਰ
ਮੋਗਾ 26 ਜਨਵਰੀ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਇਹ ਵਿਚਾਰ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਹਨਾਂ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ।
ਉਹਨਾਂ ਕਿਹਾ ਕਿ ਅੱਜ ਦੇ ਦਿਨ ਅਸੀਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਸਜਦਾ ਕਰਦੇ ਹਾਂ ਜਿਨ੍ਹਾਂ ਨੇ ਅਜਿਹਾ ਸੰਵਿਧਾਨ ਬਣਾਇਆ ਜਿਸ ਨੇ ਵੱਖ-ਵੱਖ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇਕ ਮਾਲਾ ਵਿੱਚ ਪਰੋਇਆ ਜਿਸ ਕਰਕੇ ਸਾਡੇ ਮੁਲਖ਼ ਨੂੰ ‘ਅਨੇਕਤਾ ਵਿੱਚ ਏਕਤਾ’ ਦੀ ਖੂਬਸੂਰਤ ਮਿਸਾਲ ਵਜੋਂ ਜਾਣਿਆ ਜਾਂਦਾ ਹੈ।
ਉਹਨਾਂ ਕਿਹਾ ਕਿ ਸਾਡੀਆਂ ਹਥਿਆਰਬੰਦ ਫੌਜਾਂ ਦੇ ਬਹਾਦਰ ਸੈਨਿਕਾਂ ਨੂੰ ਵੀ ਵਧਾਈ ਹੈ ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇੇ ਆਪਣੀ ਸਮੁੱਚੀ ਕਾਰਗੁਜ਼ਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।
ਉਹਨਾਂ ਕਿਹਾ ਕਿ ਸਾਲ 2020 ਵਿਸ਼ਵ ਭਰ ਵਿੱਚ ਫੈਲੀ ਕਰੋਨਾ (ਕੋਵਿਡ 19) ਮਹਾਂਮਾਰੀ ਦੇ ਲੇਖੇ ਹੀ ਲੱਗਾ ਹੈ। ਇਸ ਸਾਲ, ਜਿਸ ਨੂੰ ਦੁਨੀਆ ਭਰ ਵਿਚ ਮਾਰੂ ਕੋਵਿਡ -19 ਵਾਇਰਸ ਕਰਕੇ ਯਾਦ ਕੀਤਾ ਜਾਵੇਗਾ, ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਇਸ ਘਾਤਕ ਵਾਇਰਸ ਤੋਂ ਬਚਾਉਣ ਲਈ ਉਮੀਦ, ਸਦਭਾਵਨਾ, ਵਿਕਾਸ ਅਤੇ ਮਨੁੱਖੀ ਅਹਿਸਾਸ ਦੀ ਕਿਰਨ ਜਗਾਉਣ ਵਿਚ ਸਫਲ ਰਿਹਾ। ਪੂਰੇ ਵਿਸ਼ਵ ਦੀ ਤਰ੍ਹਾਂ ਜ਼ਿਲ੍ਹਾ ਮੋਗਾ ਵਿੱਚ ਵੀ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਲੰਘੇ ਮਾਰਚ ਮਹੀਨੇ ਤੋਂ ਜ਼ਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਵਿੱਚ ਹਰੇਕ ਵਿਭਾਗ ਵੱਲੋਂ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਇਸ ਤਰ੍ਹਾਂ ਜਿੱਥੇ ਇਸ ਸਾਲ ਕਰੋਨਾ ਤੋਂ ਬਚਾਅ ਕਾਰਜ ਜਾਰੀ ਰਹੇ ਉਥੇ ਹੀ ਜ਼ਿਲ੍ਹਾ ਮੋਗਾ ਦੀ ਝੋਲੀ ਰਾਸ਼ਟਰੀ ਪੱਧਰ ਦੀਆਂ ਕੁਝ ਵਿਸ਼ੇਸ਼ ਪ੍ਰਾਪਤੀਆਂ ਵੀ ਪਈਆਂ। ਜਿਸ ਉੱਤੇ ਸਾਨੂੰ ਮਾਣ ਕਰਨਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਮੋਗਾ ਦਾ ਦੇਸ਼ ਦੇ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲ੍ਹਿਆਂ ਦੀ ਸੂਚੀ ਵਿੱਚ ਸ਼ਾਮਿਲ ਹੋਣਾ, 184 ਸਕੂਲ ਸਮਾਰਟ ਕਰਨਾ, ਵਿਸ਼ਵ ਪਖਾਨਾ ਦਿਵਸ ਮੌਕੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ ਅਤੇ ਰਾਸ਼ਟਰੀ ‘ਗੰਦਗੀ ਮੁਕਤ ਭਾਰਤ’ ਪੁਰਸਕਾਰ ਪ੍ਰਾਪਤ ਕਰਨਾ ਵੱਡਿਆਂ ਪ੍ਰਾਪਤੀਆਂ ਹਨ। ਉਹਨਾਂ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਦੇ 85 ਪਿੰਡਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮਿਲੇਗਾ। ਜ਼ਿਲ੍ਹੇ ਦੇ 66 ਪਿੰਡਾਂ ਵਿੱਚ ਲੱਗ ਰਹੀਆਂ ਐੱਲ. ਈ. ਡੀ. ਲਾਈਟਾਂ ਦਾ ਕੰਮ ਜੋਰਾਂ ਉੱਤੇ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 5 ਪਿੰਡਾਂ ਵਿੱਚ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ। ਪੇਂਡੂ ਛੱਪੜਾਂ ਦੀ ਸਮਰੱਥਾ ਵਧਾਉਣ ਉਤੇ 1.90 ਕਰੋੜ ਰੁਪਏ ਖਰਚੇ ਗਏ ਹਨ ਅਤੇ ਸਾਲਿਡ ਵੇਸਟ ਮੈਨੇਜਮੈਟ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬਾਰਵ੍ਹੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ ਤਹਿਤ ਜ਼ਿਲ੍ਹਾ ਮੋਗਾ ਦੇ 6399 ਵਿਦਿਆਰਥੀ ਲਾਭਪਾਤਰੀ ਬਣੇ ਹਨ। ਇਸੇ ਤਰ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਹਰ ਬੀ.ਡੀ.ਪੀ.ਓ. ਦਫ਼ਤਰਾਂ ’ਚ ਰੁਜ਼ਗਾਰ ਸਹਾਇਤਾ ਕੇਂਦਰ ਖੋਲ੍ਹੇ ਗਏ ਹਨ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਕਰਵਾਉਣ ਲਈ ਕੋਚਿੰਗ ਸੈਟਰ ਚਲਾਇਆ ਗਿਆ ਹੈ। ਇਸ ਤੋਂ ਇਲਾਵਾ ਬਿਊਰੋ ਵੱਲੋਂ ਪੂਰੇ ਸਾਲ ਵਿੱਚ ਲਗਾਏ ਗਏ 42 ਰੋਜ਼ਗਾਰ ਕੈਂਪਾਂ ਅਤੇ ਇੱਕ ਮੈਗਾ ਰੋਜ਼ਗਾਰ ਕੈਂਪ ਵਿੱਚ 5468 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਹਨਾਂ ਫੱਕਰ ਬਾਬਾ ਦਾਮੂ ਸ਼ਾਹ ਟ੍ਰੇਨਿੰਗ ਅਕੈਡਮੀ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਹ ਅਕਾਦਮੀ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਜ਼ਿਲ੍ਹੇ ਦੇ 4041 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਦਿੱਤਾ ਹੈ।
ਉਹਨਾਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਸ਼ੁਰੂ ਕੀਤੀ ਗਈ ਹੈ ਜਿਸ ਦਾ ਲਾਭ ਲੋਕ ਲੈ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਹੈ ਤਰ੍ਹਾਂ ਦੀ ਕੁਦਰਤੀ ਕਰੋਪੀ ਤੋਂ ਸੁਰੱਖਿਅਤ ਰੱਖਣ ਲਈ 260 ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੋਵਿਡ 19 ਮਹਾਂਮਾਰੀ ਤੋਂ ਜ਼ਿਲ੍ਹਾ ਮੋਗਾ ਨੂੰ ਸੁਰੱਖਿਅਤ ਰੱਖਣ ਲਈ ਮੁਫ਼ਤ ਟੀਕਾਕਰਨ (ਵੈਕਸੀਨ) ਕੀਤਾ ਜਾ ਰਿਹਾ ਹੈ, ਪਹਿਲੇ ਗੇੜ ਵਿੱਚ 1170 ਫਰੰਟ ਲਾਈਨ ਕਰੋਨਾ ਯੋਧਿਆਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ। ਉਹਨਾਂ ਹੈਲਥ ਵਰਕਰਾਂ ਅਤੇ ਮੈਡੀਕਲ ਸਟਾਫ ਦੇ ਨਾਲ ਫਰੰਟਲਾਈਨ ਵਰਕਰਾਂ ਨੂੰ ਵੀ ਸਲਾਮ ਕੀਤੀ ਜਿਨ੍ਹਾਂ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ। ਇਸ ਬਿਮਾਰੀ ਉੱਤੇ ਫਤਹਿ ਪਾਉਣ ਲਈ ਸਾਨੂੰ ਹਦਾੲਿਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਸਾਨੂੰ ਪੰਜਾਬ ਨੂੰ ਇਕ ਬਿਹਤਰੀਨ ਸੂਬਾ ਬਣਾਉਣ ਲਈ ਆਪਣਾ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਾਮਨਾ ਕੀਤੀ ਕਿ ਆਉਣ ਵਾਲਾ ਸਮਾਂ ਪੂਰੀ ਇਨਸਾਨੀਅਤ ਲਈ ਸਿਹਤ ਅਤੇ ਖੁਸ਼ੀਆਂ ਭਰਿਆ ਹੋਵੇੇ।
ਸਮਾਗਮ ਦੌਰਾਨ ਪੰਜਾਬ ਪੁਲਿਸ ਅਤੇ ਹੋਰ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਰਾਸ਼ਟਰੀ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਵੱਖ ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਗਈਆਂ। ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਸਮੇਤ ਮੋਗਾ ਪੁਲਿਸ ਦੇ 19 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੰਜਾਬ ਪੁਲਿਸ ਮੁਖੀ ਵੱਲੋਂ ਪ੍ਰਾਪਤ ਕੁਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਉਕਤ ਤੋਂ ਇਲਾਵਾ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਮੁਨੀਸ਼ ਸਿੰਘਲ, ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭਾਂਗੇਰੀਆਂ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਸ਼੍ਰੀਮਤੀ ਅਨੀਤਾ ਦਰਸ਼ੀ ਅਤੇ ਸ਼੍ਰੀ ਸੁਭਾਸ਼ ਚੰਦਰ (ਦੋਵੇਂ ਵਧੀਕ ਡਿਪਟੀ ਕਮਿਸ਼ਨਰ) ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ।