• Thu. Mar 13th, 2025

ਜਿਲ੍ਹਾ ਮੋਗਾ ਵਿੱਚ 498031 ਲਾਭਪਾਤਰੀਆਂ ਨੂੰ 128253 ਸਮਾਰਟ ਰਾਸ਼ਨ ਕਾਰਡ ਵੰਡੇ ਜਾਣਗੇ -ਵਿਧਾਇਕ ਹਰਜੋਤ ਕਮਲ

ByJagraj Gill

Sep 12, 2020

ਮੋਗਾ 12 ਸਤੰਬਰ (ਜਗਰਾਜ ਗਿੱਲ , ਮਨਪ੍ਰੀਤ ਮੋਗਾ)

ਸੂਬੇ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐੱਫ.ਐੱਸ.ਏ.) ਦੇ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਦੇ ਨਾਲ ਰਾਸ਼ਣ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ। ਜਦਕਿ ਜਿਲ੍ਹਾ ਪੱਧਰੀ ਸਮਾਗਮ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾਕਟਰ ਹਰਜੋਤ ਕਮਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਲਗਭਗ 36 ਲੱਖ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਪ੍ਰਦਾਨ ਕਰਨ ਜਾ ਰਹੀ ਹੈ। ਇਸ ਨਾਲ ਯੋਗ ਪਰਿਵਾਰਾਂ ਨੂੰ ਹੱਕੀ ਲਾਭ ਮਿਲਣਾ ਯਕੀਨੀ ਬਣੇਗਾ ਅਤੇ ਇਸ ਨਾਲ ਸਰਕਾਰ ਨੂੰ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬੀ ਮਿਲੇਗੀ।  ਉਹਨਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਚੋਰੀ ਨੂੰ ਰੋਕਣ ਲਈ ਟੀਪੀਡੀਐਸ ਦੇ ਕੰਮ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ। ਰਾਸ਼ਨ ਦੀ ਵੰਡ ਵਿਚ ਘਪਲੇ ਨੂੰ ਰੋਕਣ ਲਈ ਰਾਸ਼ਨ ਡਿਪੂਆਂ ਦੀ ਸਵੈਚਾਲਨ ਅਤੇ ਸਪਲਾਈ ਚੇਨ ਦੇ ਪ੍ਰਬੰਧਨ ਤੋਂ ਇਲਾਵਾ ਐਂਡ ਟੂ ਐਂਡ ਕੰਪਿਊਟਰੀਕਰਨ ਸਕੀਮ ਤਹਿਤ ਟੀਪੀਡੀਐਸ ਦੇ ਮੁਕੰਮਲ ਕੰਪਿਊਟਰੀਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ।  ਡਾਕਟਰ ਹਰਜੋਤ ਕਮਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜਿਲ੍ਹਾ ਮੋਗਾ ਵਿੱਚ 498031 ਲਾਭਪਾਤਰੀਆਂ ਨੂੰ 128253 ਸਮਾਰਟ ਰਾਸ਼ਨ ਕਾਰਡ ਵੰਡੇ ਜਾਣੇ ਹਨ। ਇਹ ਲਾਭਪਾਤਰੀ ਜਿਲ੍ਹਾ ਮੋਗਾ ਵਿੱਚ ਚੱਲ ਰਹੇ 506 ਰਾਸ਼ਨ ਡਿਪੂਆਂ ਤੋਂ ਬਹੁਤ ਹੀ ਰਿਆਇਤੀ ਦਰਾਂ ਉੱਤੇ ਰਾਸ਼ਨ ਪ੍ਰਾਪਤ ਕਰ ਸਕਦੇ ਹਨ।  ਉਹਨਾਂ ਕਿਹਾ ਕਿ ਜਿਹੜੇ ਵੀ ਪਰਿਵਾਰਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਘੱਟ ਹੈ ਉਹ ਪਰਿਵਾਰ ਛੇ ਮਹੀਨੇ ਲਈ ਪ੍ਰਤੀ ਜੀਅ 2 ਰੁਪਏ ਕਿਲੋ ਦੇ ਹਿਸਾਬ ਨਾਲ 30 ਕਿਲੋ ਗ੍ਰਾਮ ਕਣਕ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਅੰਤੋਦਿਆ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ਨ ਮਿਲੇਗਾ।

ਡਿਪਟੀ ਕਮਿਸ਼ਨਰ ਸ਼੍ਰੀ ਹੰਸ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਦੀ ਵਰਤੋਂ ਕਰਕੇ ਲਾਭਪਾਤਰੀ ਬਿਨਾਂ ਕਿਸੇ ਵਾਧੂ ਦਸਤਾਵੇਜ਼ਾਂ ਨੂੰ ਨਾਲ ਲਿਆਏ ਵਗੈਰ ਈ-ਪੋਜ ਮਸ਼ੀਨ ਰਾਹੀਂ ਸਰਕਾਰੀ ਡਿਪੂਆਂ ਤੋਂ ਅਨਾਜ ਲੈ ਸਕਦੇ ਹਨ। ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਹਾਸਲ ਕਰਨ ਲਈ ਈ-ਪੋਜ਼ ਮਸ਼ੀਨ ‘ਤੇ ਸਵਾਇਪ ਕੀਤਾ ਜਾਵੇਗਾ ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਓ-ਮੈਟ੍ਰਿਕ ਪ੍ਰਮਾਣਿਕਤਾ ਅਨਾਜ ਦੇਣ ਲਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਇਹ ਕਾਰਡ ਸੂਬੇ ਦੇ ਕਿਸੇ ਵੀ ਡਿਪੂ ਤੇ ਵਰਤੇ ਜਾ ਸਕਦੇ ਹਨ।

ਉਨ੍ਹਾਂ ਸਮਾਰਟ ਰਾਸ਼ਨ ਕਾਰਡ ਦੀ ਸੁਰੱਖਿਆ ਅਤੇ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਕਿਹਾ ਕਿ ਚਿੱਪ ਵਿੱਚ ਏਕੀਕ੍ਰਿਤ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਲਾਕ ਕਰ ਦਿੱਤਾ ਗਿਆ ਹੈ ਜੋ ਕਿ ਪ੍ਰਮਾਣਿਤ ਯੰਤਰਾਂ ਤੋਂ ਹੀ ਪੜ੍ਹੇ ਜਾਣਗੇ। ਫਾਈਲ ਦਾ ਢਾਂਚਾ ਇਸ ਤਰੀਕੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਕਿ ਇਹ ਸਿਰਫ ਪ੍ਰਮਾਣਿਤ ਈ-ਪੋਜ ਮਸ਼ੀਨਾਂ ਦੁਆਰਾ ਹੀ ਚਲਾਇਆ ਜਾ ਸਕੇਗਾ।ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ ਚੜਿੱਕ, ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਉਪ ਮੰਡਲ ਮੈਜਿਸਟਰੇਟ ਸ੍ਰ ਸਤਵੰਤ ਸਿੰਘ, ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਅਤੇ ਹੋਰ ਹਾਜ਼ਰ ਸਨ। ਇਸ ਤੋਂ ਇਲਾਵਾ ਵੱਖ ਵੱਖ ਸਬ ਡਵੀਜਨਾਂ ਵਿੱਚ ਵੀ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ।

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *