ਮੋਗਾ, 26 ਨਵੰਬਰ (ਜਗਰਾਜ ਸਿੰਘ ਗਿੱਲ)-ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਚਲਾਏ ਜਾ ਰਹੇ ਪ੍ਰਾਜੈਕਟ (ਯੂ. ਡੀ. ਆਈ. ਡੀ.) ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਹਰੇਕ ਯੋਗ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਕਾਰਡ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਅੱਜ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਿਵਿਆਂਗ ਵਿਅਕਤੀਆਂ ਨੂੰ www.swavlambancard.gov.in ਪੋਰਟਲ ‘ਤੇ ਰਜਿਸਟਰ ਕਰਵਾਉਣਾ ਯਕੀਨੀ ਬਣਾਉਣ।
ਉਨ੍ਹਾਂ ਹਦਾਇਤ ਕੀਤੀ ਕਿ ਇਸ ਸਬੰਧੀ ਦਿਵਿਆਂਗ ਵਿਅਕਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਉਹਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਸਰਕਾਰੀ ਜਾਂ ਗੈਰ-ਸਰਕਾਰੀ ਸੁਵਿਧਾਵਾਂ ਤੋਂ ਵਾਂਝੇ ਨਾ ਰਹਿ ਸਕਣ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਾਰਡ ਬਣਾਉਣ ਸਬੰਧੀ ਦਿਵਿਆਂਗ ਵਿਅਕਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਯੋਗ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਸਿਹਤ ਵਿਭਾਗ ਆਪਸੀ ਤਾਲਮੇਲ ਨਾਲ ਪੈਨਸ਼ਨ ਲੈ ਰਹੇ ਦਿਵਿਆਂਗ ਵਿਅਕਤੀਆਂ ਨੂੰ ਯੂ. ਡੀ. ਆਈ. ਡੀ ਕਾਰਡ ਜਾਰੀ ਕਰਨੇ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਸਬੰਧਤ ਸਕੂਲਾਂ ਰਾਹੀਂ ਪੋਰਟਲ ‘ਤੇ ਰਜਿਸਟਰ ਕਰਵਾਉਣ। ਇਸੇ ਤਰ੍ਹਾਂ ਉਨ੍ਹਾਂ ਬੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਰਪੰਚਾਂ ਦੀ ਮਦਦ ਨਾਲ ਪਿੰਡਾਂ ਵਿਚ ਗੁਰੂ ਘਰਾਂ, ਮੰਦਰਾਂ ਜਾਂ ਹੋਰ ਧਾਰਮਿਕ ਸਥਾਨਾਂ ਰਾਹੀਂ ਪ੍ਰਾਜੈਕਟ ਸਬੰਧੀ ਮੁਨਾਦੀ ਕਰਵਾ ਕੇ ਦਿਵਿਆਂਗ ਵਿਅਕਤੀਆਂ ਨੂੰ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਰਾਹੀਂ ਪੋਰਟਲ ‘ਤੇ ਕਰਵਾਉਣ ਲਈ ਪ੍ਰੋਤਸਾਹਿਤ ਕਰਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਿਸ ਰਾਜ ਕਿਰਨ ਕੌਰ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰ. ਜਗਜੀਤ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।