ਦੇਸ਼ ਵਿਰੋਧੀ ਤਾਕਤਾਂ ਦਾ ਇੱਕਮੁੱਠ ਹੋ ਕੇ ਮੁਕਾਬਲਾ ਕਰਨ ਦੀ ਲੋੜ/ਜ਼ਿਲਾ ਪੁਲਿਸ ਮੁੱਖੀ

‘‘ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ’’

ਮੋਗਾ 21 ਅਕਤੂਬਰ

(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

ਸ੍ਰ. ਹਰਮਨਬੀਰ ਸਿੰਘ ਗਿੱਲ, ਜ਼ਿਲਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।

ਸ੍ਰ. ਗਿੱਲ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਡੀ. ਐੱਸ. ਪੀ. ਸ੍ਰ. ਰਮਨਦੀਪ ਸਿੰਘ ਭੁੱਲਰ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ ਕੇ ਸੁਣਾਏ।    ਸ੍ਰ. ਗਿੱਲ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ’ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ’ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਹਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।

ਸ੍ਰ. ਗਿੱਲ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਵੱਲੋ ਹਰ ਕਦਮ ’ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਉਪਰੰਤ ਜ਼ਿਲਾ ਪੁਲਿਸ ਮੁੱਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ ’ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ।

 

Leave a Reply

Your email address will not be published. Required fields are marked *