ਮੋਗਾ, 7 ਅਗਸਤ
(ਜਗਰਾਜ ਸਿੰਘ ਗਿੱਲ, ਮਨਪ੍ਰੀਤ ਸਿੰਘ ਬਾਦਲ)
ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ। ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਫ਼ਸਲਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ’ਤੇ ਉਪਲੱਬਧ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨਾਂ ਮੋਗਾ ਦੇ ਕਿਸਾਨਾਂ ਨੂੰ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ਪੋਰਟਲ ://. ਤੇ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ। ਇਹ ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਅਗਸਤ, 2022 ਹੈ। ਉਕਤ ਮਿਤੀ ਤੱਕ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਸਰੈਡਰ, ਮਲਚਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਓ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪਾਉਣ ਲਈ ਅਪਲਾਈ ਕੀਤਾ ਜਾ ਸਕਦਾ ਹੈ।
ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਗਾ ਦੇ ਖੇਤੀਬਾੜੀ ਦਫ਼ਤਰ ਦੇ ਸਹਾਇਤਾ ਨੰਬਰ 99147-00548 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਪਿ੍ਰਤਪਾਲ ਸਿੰਘ ਨੇ ਜ਼ਿਲਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ