ਵਟਸਐਪ ਨੰਬਰ ‘ਤੇ ਪਰਾਲੀ ਸਾੜਨ ਸਬੰਧੀ ਸੁਝਾਅ ਵੀ ਦਿੱਤਾ ਜਾ ਸਕਦੈ-ਡਿਪਟੀ ਕਮਿਸ਼ਨਰ
ਮੋਗਾ, 22 ਅਕਤੂਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਜਾਂ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਕਿਸਾਨਾਂ ਵਿੱਚ ਪਰਾਲੀ ਨੂੰ ਸਾੜਨ ਦੇ ਦੁਸ਼ਪ੍ਰਭਾਵਾਂ ਦੀ ਜਾਗਰੂਕਤਾ ਵਿੱਚ ਵਾਧਾ ਵੀ ਹੋਇਆ ਹੈ ਅਤੇ ਕਿਸਾਨ ਭਲੀ ਭਾਂਤੀ ਜਾਣਦੇ ਹਨ ਕਿ ਪਰਾਲੀ ਨੂੰ ਸਾੜਨ ਨਾਲ ਖੇਤ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਜੈਵਿਕ ਮਾਦਾ ਨਸ਼ਟ ਹੋ ਜਾਂਦਾ ਹੈ ਅਤੇ ਜ਼ਮੀਨ ਦੀ ਸਿਹਤ ਖਰਾਬ ਹੁੰਦੀ ਹੈ।
ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਵਾਤਾਵਰਨ ਦੀ ਸਿਹਤ ਬਰਕਰਾਰ ਰੱਖਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਪਰਾਲੀ ਨੂੰ ਸਾੜਨ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ 1800-120-3667 ਅਤੇ ਵਟਸਐਪ ਨੰਬਰ 90351-72000 ਜਾਰੀ ਕੀਤਾ ਗਿਆ ਹੈ। ਇਸ ਉੱਪਰ ਕੋਈ ਵੀ ਵਿਅਕਤੀ ਜਾਂ ਕਿਸਾਨ ਪਰਾਲੀ ਨੂੰ ਸਾੜੇ ਜਾਣ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੇ ਨਾਲ ਨਾਲ ਇਸ ਸਬੰਧੀ ਸੁਝਾਅ ਵੀ ਦੇ ਸਕਦਾ ਹੈ। ਇਨ੍ਹਾਂ ਨੰਬਰਾਂ ਉੱਪਰ ਸਵੇਰੇ 9 ਵਜੇ ਤੋਂ ਸ਼ਾਮੀ 6 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪਰਾਲੀ ਸਾੜਣ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖ਼ਤ ਕੀਤੇ ਗਏ ਪਿੰਡਾਂ ਵਿਚ 58 ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਹਨ। ਝੋਨੇ ਦਾ ਉਤਪਾਦਨ ਕਰਨ ਵਾਲੇ ਇਨ੍ਹਾਂ ਪਿੰਡਾਂ ਨੂੰ ਇਸ ਕਰਕੇ ਵੱਧ ਪ੍ਰਭਾਵਿਤ ਪਿੰਡ ਮੰਨਿਆ ਜਾਂਦਾ ਹੈ ਕਿਉਂ ਜੋ ਇਨ੍ਹਾਂ ਪਿੰਡਾਂ ਵਿੱਚ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਨੋਡਲ ਅਫਸਰਾਂ ਨੂੰ ਹਰੇਕ ਪ੍ਰਭਾਵਿਤ ਪਿੰਡ ਵਿਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਝੋਨੇ ਦੀ ਵਾਢੀ ਉਪਰੰਤ ਦੇ ਕਾਰਜਾਂ ਉਤੇ ਨਿਗ੍ਹਾ ਰੱਖੀ ਜਾ ਸਕੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗਬਾਨੀ ਅਤੇ ਭੂਮੀ ਸੰਭਾਲ ਸਮੇਤ ਹੋਰ ਵਿਭਾਗਾਂ ਦੇ ਸਟਾਫ਼ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪੰਜਾਬ ਵਿਚ ਪਰਾਲੀ ਸਾੜਨ ਦੇ ਗੈਰ-ਸਿਹਤਮੰਦ ਰੁਝਾਨ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜ਼ਿਲ੍ਹਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਇਸਨੂੰ ਖੇਤ ਵਿੱਚ ਹੀ ਗਾਲਣ ਨੂੰ ਤਰਜੀਹ ਦੇਣ ਕਿਉਂਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ।