ਮੋਗਾ, 2 ਸਤੰਬਰ (ਜਗਰਾਜ ਸਿੰਘ ਗਿੱਲ)
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦੇ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕਾਰਜ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਹਰ ਮਹੀਨੇ ਰੋਜ਼ਗਾਰ ਮੇਲੇ ਲਗਾਏ ਜਾਂਦੇ ਹਨ, ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹਈਆ ਕਰਵਾਇਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪਰਮਿੰਦਰ ਕੌਰ ਨੇ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰ਼ੇਨਿੰਗ ਅਫ਼ਸਰ ਮੋਗਾ ਦਾ ਕਾਰਜਭਾਰ ਸੰਭਾਲਣ ਤੋ ਬਾਅਦ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਵਿਭਾਗ ਵੱਲੋਂ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸੇ ਮੰਤਵ ਅਧੀਨ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ। ਇਸ ਪਲੇਸਮੈਂਟ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰਾਈਵੇਟ ਅਦਾਰਿਆਂ ਵੱਲੋਂ ਹਿੱਸਾ ਲਿਆ ਗਿਆ ਜਿਨ੍ਹਾਂ ਵੱਲੋਂ ਆਨਲਾਈਨ ਅਤੇ ਫਿਜੀਕਲ ਇੰਟਰਵਿਊ ਦੁਆਰਾ 30 ਪ੍ਰਾਰਥੀਆਂ ਦੀ ਮੌਕੇ ਤੇ ਚੋਣ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਹ ਕੈਂਪ ਪੰਜਾਬ ਸਰਕਾਰ ਵੱਲੋ ਕੋਵਿਡ-19 ਨਾਲ ਸਬੰਧਤ ਗਾਈਡ-ਲਾਈਨ ਅਨੁਸਾਰ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਸਮਾਜਿਕ ਦੂਰੀ ਦਾ ਖਾਸ ਤੌਰ ਤੇ ਧਿਆਨ ਰੱਖਿਆ ਗਿਆ । ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌੋਰਾਨ ਵੀ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਵੱਲੋਂ 24 ਸਤੰਬਰ ਤੋਂ ਲੈ ਕੇ 30 ਸਤੰਬਰ ਦੌਰਾਨ ਰਾਜ ਪੱਧਰੀ ਰੋਜ਼ਗਾਰ ਮੇਲੇ ਹਰ ਜਿਲ੍ਹੇ ਵਿੱਚ ਲਗਾਏ ਜਾ ਰਹੇ ਹਨ। ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਵਾਲੇ ਹਰੇਕ ਪ੍ਰਾਰਥੀ ਨੂੰ ਵਿਭਾਗ ਦੀ ਵੈਬਸਾਈਟ www.pgrkam.com ਤੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ। ਰਜਿਸਟ੍ਰੇਸ਼ਨ, ਕਾਊਂਸਲਿੰਗ, ਰੋਜ਼ਗਾਰ ਮੇਲਿਆਂ, ਸਵੈ- ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਦੇ ਹੈਲਪਲਾਈਨ ਨੰਬਰ 62392-66860 ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।