ਪੰਜਾਬ ਸਰਕਾਰ ਦੇ ਬਿੱਲਾਂ ਵਿੱਚ ਐਮ.ਐਸ.ਪੀ. ਤੋਂ ਘੱਟ ਕੀਮਤ ‘ਤੇ ਵਿਕਰੀ/ਖਰੀਦ ਲਈ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਤੇ ਭਰਨਾ ਪੈ ਸਕਦਾ ਹੈ ਜੁਰਮਾਨਾ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਹੈ। ਇਹਨਾਂ ਇਤਿਹਾਸਕ ਬਿੱਲਾਂ ਵਿਚ ਹੋਰਨਾਂ ਉਪਬੰਧਾਂ ਤੋਂ ਇਲਾਵਾ ਖੇਤੀਬਾੜੀ ਕਰਾਰ ਤਹਿਤ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ ‘ਤੇ ਝੋਨਾ ਜਾਂ ਕਣਕ ਦੀ ਖਰੀਦ ਕਰਨ ‘ਤੇ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨੇ, ਕਿਸਾਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਛੋਟ ਅਤੇ ਖੇਤੀ ਉਤਪਾਦਾਂ ਦੀ ਜਮ੍ਖੋਰੀ ਅਤੇ ਕਾਲਾ-ਬਾਜ਼ਾਰੀ ਤੋਂ ਛੁਟਕਾਰਾ ਪਾਉਣ ਦੀ ਵਿਵਸਥਾ ਸ਼ਾਮਲ ਕੀਤੀ ਗਈ ਹੈ। ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ (ਵਿਸ਼ੇਸ਼ ਉਪਬੰਧ ਅਤੇ ਪੰਜਾਬ ਸੋਧ) ਬਿੱਲ, 2020 ਵਿੱਚ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ ‘ਤੇ ਉਪਜ ਵੇਚਣ/ਖਰੀਦਣ ‘ਤੇ ਸਜ਼ਾ ਦਾ ਉਪਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਚਾਰ ਬਿੱਲਾਂ ਵਿਚੋਂ ਇਕ ਬਿੱਲ ਤਹਿਤ ਐਮ.ਐਸ.ਪੀ ਤੋਂ ਘੱਟ ਕੀਮਤ ‘ਤੇ ਉਪਜ ਦੀ ਵਿਕਰੀ/ਖਰੀਦ ਨਹੀਂ ਕੀਤੀ ਜਾ ਸਕੇਗੀ ਅਤੇ ਇਸ ਦੀ ਉਲੰਘਣਾ ਕਰਨ ‘ਤੇ ਉਪਰੋਕਤ ਸਜ਼ਾ ਅਤੇ ਜੁਰਮਾਨਾ ਭੁਗਤਨਾ ਪਵੇਗਾ। ਇਹ ਬਿੱਲ ਕੇਂਦਰ ਸਰਕਾਰ ਦੇ ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ ਐਕਟ, 2020 ਦੀ ਧਾਰਾ 1(2), 19 ਅਤੇ 20 ਵਿਚ ਸੋਧ ਕਰਨ ਦੀ ਮੰਗ ਕਰਦਾ ਹੈ। ਇਸ ਵਿਚ ਨਵੀਆਂ ਧਾਰਾਵਾਂ 4, 6 ਤੋਂ 11 ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਵੀ ਦਿੱਤਾ ਗਿਆ ਹੈ।

Leave a Reply

Your email address will not be published. Required fields are marked *