ਖਰੀਦ ਪ੍ਰਬੰਧ ਮੁਕੰਮਲ, ਕਿਸੇ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ
ਮੋਗਾ, 27 ਸਤੰਬਰ (ਜਗਰਾਜ ਗਿੱਲ, ਮਨਪ੍ਰੀਤ ਮੋਗਾ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 27 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਐਲਾਨ ਦੇ ਨਾਲ ਹੀ ਜ਼ਿਲ੍ਹਾ ਮੋਗਾ ਵਿੱਚ ਵੀ ਅੱਜ ਤੋਂ ਹੀ ਖਰੀਦ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਦਿਨ ਕਿਸੇ ਵੀ ਮੰਡੀ ਵਿੱਚ ਝੋਨੇ ਦੀ ਆਮਦ ਨਹੀਂ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਮੋਗਾ ਵਿੱਚ 12.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਤੇ ਖਰੀਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖਰੀਦ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੇ ਸਟਾਫ ਅਤੇ ਮਸ਼ੀਨਰੀ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
ਇਸ ਮੌਕੇ ਹਾਜ਼ਰ ਜ਼ਿਲ੍ਹਾ ਖੁਰਾਕ ਸਪਲਾਈਜ ਕੰਟਰੋਲਰ (ਡੀ.ਐਫ.ਐੱਸ.ਸੀ.) ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 108 ਅਨਾਜ ਮੰਡੀਆਂ ਤੋਂ ਇਲਾਵਾ 376 ਰਾਈਸ ਸ਼ੈਲਿੰਗ ਮਿੱਲ ਅਤੇ 65 ਅਸਥਾਈ ਯਾਰਡ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਰ ਖਰੀਦ ਕੇਂਦਰ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ (34 ਫੀਸਦੀ), ਮਾਰਕਫੈੱਡ (26 ਫੀਸਦੀ), ਪਨਸਪ (22 ਫੀਸਦੀ), ਵੇਅਰ ਹਾਊਸ (13 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ (5 ਫੀਸਦੀ) ਨੂੰ ਖਰੀਦ ਵੰਡ ਕਰ ਦਿੱਤੀ ਗਈ ਹੈ। ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਕਰ ਲਏ ਗਏ ਸਨ। ਜ਼ਿਲ੍ਹਾ ਮੰਡੀ ਅਫ਼ਸਰ ਸ੍ਰ. ਮਨਦੀਪ ਸਿੰਘ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਟੋਕਨ ਸਿਸਟਮ ਨਾਲ ਖਰੀਦ ਕੀਤੀ ਜਾਵੇਗੀ। ਆੜਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਇਆ ਜਾਵੇਗਾ। ਹਰੇਕ ਮੰਡੀ ਵਿੱਚ ਇਸ ਲਈ ਹੱਥ ਧੋਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।