ਬਾਘਾਪੁਰਾਣਾ, 8 ਅਪ੍ਰੈਲ (ਜਗਰਾਜ ਸਿੰਘ ਗਿੱਲ ਮਨਪ੍ਰੀਤ ਸਿੰਘ) –
10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਸਬੰਧੀ ਬਾਘਾਪੁਰਾਣਾ ਦਾਣਾ ਮੰਡੀ ‘ਚ ਖ਼ਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਕੋਵਿਡ-19 ਦੇ ਮੱਦੇਨਜ਼ਰ ਤੇ ਕਿਸਾਨਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆ ਕੂਪਨ ਸਿਸਟਮ ਰਾਹੀਂ ਮੰਡੀ ‘ਚ ਦਾਖਲਾ ਕਰਨ ਸਬੰਧੀ ਵੀ ਪੂਰੀਆਂ ਤਿਆਰੀਆਂ ਕੀਤੀਆਂ ਗਈ ਹਨ।
ਅੱਜ ਖ਼ਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਬਾਘਾਪੁਰਾਣਾ ਦੇ ਐਸ.ਡੀ.ਐਮ. ਰਾਜਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਤਹਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਮੰਡੀ ‘ਚ ਕਣਕ ਲਿਆਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਉਹਨਾਂ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾਈ ਰੱਖਣ ਲਈ ਮੰਡੀ ‘ਚ ਖਾਨੇ ਬਣਾਏ ਗਏ ਹਨ ਤਾਂ ਜੋ ਕਿਸਾਨ ਨਿਰਧਾਰਤ ਸਥਾਨਾਂ ‘ਤੇ ਹੀ ਆਪਣੀ ਫ਼ਸਲ ਰੱਖ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ‘ਚ ਸੈਨੇਟਾਈਜੇਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਹੱਥ ਧੋਣ ਲਈ ਟੈਂਕੀਆਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੀਣ ਲਈ ਸਾਫ਼ ਪਾਣੀ, ਲਾਈਟਾਂ ਅਤੇ ਬਾਥਰੂਮਾਂ ਦੇ ਵੀ ਉਚਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਬਾਘਾਪੁਰਾਣਾ ਦੇ ਮੁਲਾਜ਼ਮਾਂ ਲਗਾਤਾਰ ਕੰਮ ਕਰ ਰਹੇ ਹਨ ਅਤੇ ਜੇਕਰ ਕਿਸੇ ਕਿਸਮ ਦੀ ਕੋਈ ਕਮੀ ਆਉਂਦੀ ਹੈ ਤਾਂ ਉਸ ਨੂੰ ਵੀ ਤੁਰੰਤ ਹੱਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੂਪਨ ਹਿਸਾਬ ਨਾਲ ਹੀ ਆਪਣੀ ਸੁੱਕੀ ਫ਼ਸਲ ਮੰਡੀ ‘ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਹਨਾਂ ਦੱਸਿਆ ਕਿ ਕਣਕ ਦੀ ਖ਼ਰੀਦ ਨੂੰ ਲੈਕੇ ਮਾਰਕਿਟ ਕਮੇਟੀ ਵੱਲੋਂ ਵੀ ਕਿਸਾਨਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ‘ਚ ਦਾਖਲ ਹੋਣ ਸਮੇਂ ਨਮੀ ਦੀ ਜਾਂਚ ਸਮੇਂ ਹੀ ਸੈਨੇਟਾਈਜੇਸ਼ਨ ਦੇ ਵੀ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਜਿਕ ਦੂਰੀ ਲਈ ਮੰਡੀ ‘ਚ ਖਾਨੇ ਬਣਾਉਣ ਸਮੇਤ ਆੜ੍ਹਤੀਆਂ, ਮੁਲਾਜ਼ਮਾਂ, ਮਜ਼ਦੂਰਾਂ ਨੂੰ ਵੀ ਕੋਵਿਡ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ ਤਾਂ ਜੋ ਕਣਕ ਦੀ ਖ਼ਰੀਦ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।