ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਵਿਸ਼ੇਸ਼ ਹੰਭਲਾ ਮਾਰਨ ਦੀ ਹਦਾਇਤ
ਮੋਗਾ, 5 ਅਪ੍ਰੈਲ (ਗੁਰਪ੍ਰਸਾਦ ਸਿੱਧੂ) – ਜ਼ਿਲ੍ਹਾ ਮੋਗਾ ਵਿੱਚ 45 ਸਾਲ ਤੋਂ ਵੱਧ ਉਮਰ ਵਾਲੇ ਹਰੇਕ ਵਿਅਕਤੀ ਦਾ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕਮਰ ਕੱਸਾ ਕਰ ਲਿਆ ਹੈ। ਰੋਜ਼ਾਨਾ 11 ਹਜ਼ਾਰ ਤੋਂ ਵਧੇਰੇ ਵੈਕਸੀਨੇਸ਼ਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਾਰਨ ਲਈ ਵੱਖ ਵੱਖ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ ਹੈ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਭ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਵਾਲੀਆਂ ਆਸ਼ਾ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਉਤਸ਼ਾਹੀ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ।
ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਸੂਬੇ ਵਿੱਚ ਵੈਕਸੀਨੇਸ਼ਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਗਈ ਹੈ। ਹਰੇਕ ਜ਼ਿਲ੍ਹੇ ਨੂੰ ਆਬਾਦੀ ਮੁਤਾਬਿਕ ਟੀਚੇ ਨਿਰਧਾਰਤ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਨੂੰ ਵੀ ਰੋਜ਼ਾਨਾ 11 ਹਜ਼ਾਰ ਵੈਕਸੀਨੇਸ਼ਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਿਹਤ ਵਿਭਾਗ ਦਾ ਮੈਦਾਨੀ ਪੱਧਰ ਦਾ ਸਟਾਫ ਜਿਵੇਂ ਕਿ ਆਸ਼ਾ ਵਰਕਰਾਂ ਆਦਿ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਅ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਜੌ ਵੀ ਆਸ਼ਾ ਵਰਕਰਾਂ ਜਾਂ ਹੋਰ ਸਟਾਫ ਸਭ ਤੋਂ ਵੱਧ ਵੈਕਸੀਨੇਸ਼ਨ ਕਰਵਾਉਣਗੇ ਉਹਨਾਂ ਨੂੰ ਪ੍ਰਤੀ ਬਲਾਕ ਵਿਸ਼ੇਸ਼ ਇਨਾਮੀ ਰਾਸ਼ੀ (REWARD) ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਟੀਕਾਕਰਨ ਲਈ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਵਿਸ਼ੇਸ਼ ਹੰਭਲਾ ਮਾਰਨ। ਇਸ ਲਈ ਵਾਧੂ ਕੈਂਪ ਆਦਿ ਲਗਵਾਏ ਜਾਣ।
ਉਹਨਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਾਲੇ ਹਰੇਕ ਵਿਅਕਤੀ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਨ ਲਈ ਚੁਣੇ ਹੋਏ ਨੁਮਾਇੰਦਿਆਂ, ਸਥਾਨਕ ਡਾਕਟਰਾਂ, ਧਾਰਮਿਕ ਸਖਸ਼ੀਅਤਾਂ, ਪੇਨਸ਼ਨਰਾਂ ਆਦਿ ਦਾ ਸਹਿਯੋਗ ਲਿਆ ਜਾਵੇ। ਉਹਨਾਂ ਕਿਹਾ ਕਿ ਅਗਾਮੀ ਕਣਕ ਦੀ ਖਰੀਦ ਦੌਰਾਨ ਦਾਣਾ ਮੰਡੀਆਂ ਵਿੱਚ ਵੀ ਸੈਂਪਲ ਲਏ ਜਾਣ ਅਤੇ ਟੀਕਾਕਰਨ ਕੀਤਾ ਜਾਵੇ।
ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਸ਼੍ਰੀ ਹੰਸ ਨੇ ਮੋਗਾ ਪੁਲਿਸ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਰਾਤ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾਵੇ। ਸਿਹਤ ਵਿਭਾਗ ਨੂੰ ਕਿਹਾ ਗਿਆ ਕਿ ਸੰਪਰਕ ਟ੍ਰੇਸਿੰਗ ਅਤੇ ਸੈਂਪਲ ਲੈਣ ਦਾ ਕੰਮ ਲਗਾਤਾਰ ਜਾਰੀ ਰੱਖਿਆ ਜਾਵੇ। ਇਸ ਤੋਂ ਇਲਾਵਾ ਜੌ ਲੋਕ ਰੋਜ਼ਾਨਾ ਓ ਪੀ ਡੀ ਵਿੱਚ ਆਉਂਦੇ ਹਨ ਉਹਨਾਂ ਵਿਚੋਂ ਯੋਗ ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਮੌਕੇ ਉੱਤੇ ਹੀ ਬਣਵਾ ਕੇ ਦਿੱਤੇ ਜਾਣ।
ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।