ਮੋਗਾ 11 ਸਤੰਬਰ (ਜਗਰਾਜ ਸਿੰਘ ਗਿੱਲ)
ਪੰਜਾਬ ਸਰਕਾਰ ਵੱਲੋਂ 24 ਸਤੰਬਰ ਤੋਂ 30 ਸਤੰਬਰ, 2020 ਤੱਕ ਸੂਬੇ ਪੱਧਰੀ ਮੈਗਾ ਰੋਜ਼ਗਾਰ ਮੇਲੇ ਆਯੋਜਤ ਕੀਤੇ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪ੍ਰਸ਼ਾਸ਼ਨ ਅਤੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਮਿਤੀ 26 ਸਤੰਬਰ 2020 ਅਤੇ 29 ਸਤੰਬਰ 2020 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਮੋਗਾ ਵਿਖੇ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਨਾਮੀ ਕੰਪਨੀਆਂ ਵੱਲੋਂ ਭਾਗ ਲੈ ਕੇ ਨੌਜਵਾਨਾਂ ਦੀ ਇੰਟਰਵਿਊ ਜਰੀਏ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ।
ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ ਤੋ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਲਈ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਪਰਮਿੰਦਰ ਕੌਰ ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ/ਪੰਚਾਂ ਨਾਲ ਇੱਕ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਹਾਜ਼ਰ ਹੋਏ ਸਰਪੰਚਾਂ/ਪੰਚਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਨੌਜਵਾਨਾਂ ਨੂੰ ਇਸ ਮੇਲੇ ਜਰੀਏ ਰੋਜ਼ਗਾਰ ਦਿਵਾਇਆ ਜਾਵੇ ਤਾਂ ਕਿ ਕੋਈ ਵੀ ਯੋਗ ਉਮੀਦਵਾਰ ਇਨ੍ਹਾਂ ਮੇਲਿਆਂ ਦਾ ਲਾਭ ਲੈਣ ਤੋ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਹਨਾਂ ਮੇਲਿਆਂ ਵਿੱਚ ਬੇਰੋਜ਼ਗਾਰ ਨੌਜਵਾਨਾਂ ਦੀ ਸ਼ਮੂਲੀਅਤ ਲਈ ਪਿੰਡਾਂ ਦੇ ਮੋਹਤਬਰਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੋਵਿਡ ਦੀ ਇਸ ਔਖੀ ਘੜੀ ਵਿੱਚ ਵੀ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਫ਼ਿਕਰਮੰਦ ਹੈ ਇਸ ਲਈ ਹੀ ਕੋਵਿਡ 19 ਦੇ ਸੰਕਰਮਣ ਨੂੰ ਰੋਕਣ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਕੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਭਾਗ ਲੈਣ ਲਈ ਨੋਜਵਾਨਾਂ ਦਾ ਵਿਭਾਗ ਦੇ ਪੋਰਟਲ PGRKAM.COM ਤੇ ਰਜਿਸਟ੍ਰੇਸ਼ਨ ਕਰਾਉਣੀ ਲਾਜ਼ਮੀ ਹੈ।
ਉਨ੍ਹਾਂ ਮੋਗਾ ਜ਼ਿਲ੍ਹੇ ਦੇ ਵੱਧ ਤੋ ਵੱਧ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਜਰੀਏ ਰੋਜ਼ਗਾਰ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ PGRKAM.COM ਤੇ ਜਲਦੀ ਤੋ ਜਲਦੀ ਰਜਿਸਟ੍ਰੇਸ਼ਨ ਕਰਵਾਉਣ ਜਿਹੜੀ ਕਿ ਸ਼ੁਰੂ ਕੀਤੀ ਜਾ ਚੁੱਕੀ ਹੈ।
ਇਸ ਮੀਟਿੰਗ ਵਿੱਚ ਰੋਜ਼ਗਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਨਾਲ ਸਬੰਧਿਤ ਸੇਵਾਵਾ ਬਾਰੇ ਵੀ ਵਿਚਾਰ ਵਟਾਦਰਾਂ ਕੀਤਾ ਗਿਆ।ਮੀਟਿੰਗ ਵਿੱਚ ਸ਼ਾਮਿਲ ਪਿੰਡਾਂ ਦੇ ਨੁੰਮਾਦਿਆ ਵੱਲੋਂ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆ ਵਿੱਚ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਵੱਧ ਤੋਂ ਵੱਧ ਬੇਰੋਜ਼ਗਾਰ ਨੋਜਵਾਨਾਂ ਨੂੰ ਸ਼ਾਮਿਲ ਕਰਵਾਉਣਾ ਦਾ ਭਰੋਸਾ ਦਿਵਾਇਆ ਅਤੇ ਪੰਜਾਬ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਵੀ ਕੀਤੀ।