ਡਿਪਟੀ ਕਮਿਸ਼ਨਰ ਵੱਲੋਂ ਮਿਲਣ ਵਾਲੀਆਂ ਸੇਵਾਵਾਂ/ਸਹੂਲਤਾਂ ਦੀ ਸੂਚੀ ਜਾਰੀ
– ਸੇਵਾਵਾਂ ਦੇਣ ਲਈ ਜ਼ਿਲ੍ਹਾ ਪੱਧਰੀ ਅਧਿਕਾਰੀ ਹੋਣਗੇ ਜਿੰਮੇਵਾਰ
ਮੋਗਾ, 19 ਅਕਤੂਬਰ (ਜਗਰਾਜ ਸਿੰਘ ਗਿੱਲ) – ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ‘ਮਿਸ਼ਨ ਮੋਡ’ ਉੱਤੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਇਸੇ ਕਵਾਇਦ ਤਹਿਤ ਹੀ ਲੋਕਾਂ ਵੱਲੋਂ ਦਿੱਤੀਆਂ ਗਈਆਂ ਵੱਖ ਵੱਖ ਅਰਜ਼ੀਆਂ ਨੂੰ ਨਿਪਟਾਉਣ ਲਈ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਇਕ ਅਹਿਮ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਦੀ ਅਗਵਾਈ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਵਿੱਚ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੇ ਭਾਗ ਲਿਆ।
ਸ਼੍ਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੀ ਸੇਵਾ ਵਿਚ ਹਰ ਵੇਲੇ ਹਾਜ਼ਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਵੱਖ ਵੱਖ ਦਫ਼ਤਰਾਂ ਵਿੱਚ ਸਰਕਾਰੀ ਸੇਵਾਵਾਂ ਲੈਣ ਲਈ ਵੱਡੀ ਗਿਣਤੀ ਵਿਚ ਅਰਜ਼ੀਆਂ ਬਕਾਇਆ ਪਈਆਂ ਹਨ, ਜਿਸ ਨਾਲ ਲੋਕਾਂ ਵਿੱਚ ਕਾਫੀ ਨਿਰਾਸ਼ਾ ਪੈਦਾ ਹੁੰਦੀ ਹੈ। ਲੋਕਾਂ ਦੀ ਇਸ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਹੁਣ ਪ੍ਰਸ਼ਾਸ਼ਨ ਨੇ ਮਿਸ਼ਨ ਮੋਡ ਵਿੱਚ ਕੰਮ ਕਰਨ ਦਾ ਫੈਸਲਾ ਕੀਤਾ ਹੈ। ਇਹਨਾਂ ਅਰਜ਼ੀਆਂ ਨੂੰ ਤੁਰੰਤ ਨਿਪਟਾਇਆ ਜਾਵੇਗਾ।
ਉਹਨਾਂ ਕਿਹਾ ਕਿ ਇਸ ਦਿਸ਼ਾ ਵਿਚ ਹਰੇਕ ਵਿਧਾਨ ਸਭਾ ਹਲਕੇ ਵਿੱਚ 28 ਅਤੇ 29 ਅਕਤੂਬਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿੱਚ ਬਕਾਇਆ ਪਈਆਂ ਅਤੇ ਨਵੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਅਧਾਰ ਉੱਤੇ ਕੀਤਾ ਜਾਵੇਗਾ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਹਨਾਂ ਕੈਂਪਾਂ ਨੂੰ ਸਫ਼ਲ ਕਰਨ ਲਈ ਉਹ ਖੁਦ ਇਸ ਕੰਮ ਦੀ ਨਿਗਰਾਨੀ ਕਰਨਗੇ। ਕੈਂਪ ਲਗਾਉਣ ਸਬੰਧੀ ਜਗ੍ਹਾ ਅਤੇ ਬਾਕੀ ਜਾਣਕਾਰੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਹਨਾਂ ਸੁਵਿਧਾ ਕੈਂਪ ਵਿੱਚ 5-5 ਮਰਲੇ ਵਾਲੇ ਪਲਾਟ, ਪੈਨਸ਼ਨ ਸਕੀਮਾਂ, ਘਰ ਦੀ ਸਥਿਤੀ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨੇ, ਐੱਲ ਪੀ ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਵਜੀਫ਼ਾ ਯੋਜਨਾ, ਐਸ ਸੀ ਬੀ ਸੀ ਬੈਕਫਿੰਕੋ ਲੋਨ ਕੇਸ, ਬੱਸ ਪਾਸ, ਬਕਾਇਆ ਇੰਤਕਾਲ ਕੇਸ, ਮਗਨਰੇਗਾ ਜੌਬ ਕਾਰਡ, ਬਿਜਲੀ ਬਿੱਲ ਮੁਆਫ ਕੇਸ ਤੋਂ ਇਲਾਵਾ ਹੋਰ ਸਹੂਲਤਾਂ ਤੁਰੰਤ ਦਿੱਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਕੋਵਿਡ 19 ਬਾਰੇ ਸੈਂਪਲਿੰਗ ਅਤੇ ਵੈਕਸੀਨੇਸ਼ਨ ਵੀ ਕੀਤੀ ਜਾਵੇਗੀ।