ਮੋਗਾ ਨਵੀਂ ਦਾਣਾ ਮੰਡੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਦਰਸਾਉਂਦੇ ਰੌਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਹਜ਼ਾਰਾਂ ਦੀ ਗਿਣਤੀ ਚ ਸ਼ਰਧਾਲੂ ਪੁੱਜੇ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਪ੍ਰੋਗਰਾਮ ਉਲੀਕੇ- ਸਪੀਕਰ ਕੁਲਤਾਰ ਸਿੰਘ ਸੰਧਵਾਂ*

 

*23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਹੋ ਰਹੇ ਸਮਾਗਮਾਂ ਵਿੱਚ ਲੋਕਾਂ ਨੂੰ ਪਰਿਵਾਰਾਂ ਸਮੇਤ ਪੁੱਜਣ ਦੀ ਅਪੀਲ*

 

ਮੋਗਾ , 17 ਨਵੰਬਰ ਜਗਰਾਜ ਸਿੰਘ ਗਿੱਲ 

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ ਦਾਣਾ ਮੰਡੀ ਮੋਗਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ, ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਾਵਾਂ ਨੇ ਵਿਸ਼ੇਸ਼ ਤੌਰ ‘ਤੇ ਸਿ਼ਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।

ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ‘ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ‘ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ’ ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ। ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ‘ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ। ਉਹਨਾਂ ਸੰਗਤਾਂ ਨੂੰ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਸਮਾਗਮਾਂ ਵਿੱਚ ਵਧ ਚੜ੍ਹ ਕੇ ਪਰਿਵਾਰਾਂ ਸਮੇਤ ਪੁੱਜਣ ਦੀ ਅਪੀਲ ਕੀਤੀ।

ਸ਼ੋਅ ਮੌਕੇ ਸੰਗਤ, ਜਿਸ ‘ਚ ਬੱਚੇ, ਬਜ਼ੁਰਗ ਤੇ ਨੌਜਵਾਨ ਸ਼ਾਮਲ ਸਨ, ਨੇ ਧੰਨ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ। ਮੋਗਾ ਦੀ ਅਨਾਜ ਮੰਡੀ ਵਿੱਚ ਹੋਏ ਲਾਈਟ ਐਂਡ ਸਾਊਂਡ ਸ਼ੋਅ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ।

ਸਮਾਗਮ ਦੀ ਸ਼ੁਰੂਆਤ ਵਿੱਚ ਭਾਈ ਹਰਮਿੰਦਰ ਸਿੰਘ ਦੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਚੈਅਰਮੈਨ ਮਾਰਕਿਟ ਕਮੇਟੀ ਸ੍ਰ ਹਰਜਿੰਦਰ ਸਿੰਘ ਰੋਡੇ, ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਐਸ.ਐਸ.ਪੀ ਸ਼੍ਰੀ ਅਜੈ ਗਾਂਧੀ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਰਾਜਸੀ ਆਗੂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Leave a Reply

Your email address will not be published. Required fields are marked *