ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਸਿਵਲ ਹਸਪਤਾਲ ਮੋਗਾ ਵਿਖੇ ਜ਼ਖਮੀ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ

 

ਮੋਗਾ, 26 ਜੁਲਾਈ

 (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

– ਬੀਤੇ ਦਿਨੀਂ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ੍ਰ ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਸ਼੍ਰੀ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਸ਼੍ਰੀ ਹਰਕੇਸ਼ ਚੰਦ ਸ਼ਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

 

ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।

Leave a Reply

Your email address will not be published. Required fields are marked *